Site icon TheUnmute.com

ਜੇਲ੍ਹ ‘ਚ ਬੰਦ ਇਮਰਾਨ ਖਾਨ ਨੇ ਇਸਲਾਮਾਬਾਦ ਹਾਈਕੋਰਟ ਤੋਂ ਰਿਹਾਈ ਦੀ ਕੀਤੀ ਮੰਗ

Imran Khan

ਚੰਡੀਗੜ੍ਹ, 08 ਅਗਸਤ 2023: ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਤੁਰੰਤ ਬਾਅਦ ਇਮਰਾਨ ਖਾਨ (Imran Khan) ਨੂੰ ਸ਼ਨੀਵਾਰ ਨੂੰ ਲਾਹੌਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪਰ ਇਮਰਾਨ ਹੁਣ ਆਪਣੀ ਰਿਹਾਈ ਲਈ ਕਾਫੀ ਸੰਘਰਸ਼ ਕਰ ਰਹੇ ਹਨ। ਉਸ ਨੇ ਮੰਗਲਵਾਰ ਨੂੰ ਇਸਲਾਮਾਬਾਦ ਹਾਈਕੋਰਟ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹੇਠਲੀ ਅਦਾਲਤ ਦੇ ਜੱਜ ਨੂੰ ਪੱਖਪਾਤੀ ਦੱਸਦੇ ਹੋਏ ਕਿਹਾ ਕਿ ਇਹ ਨਿਆਂ ਦੇ ਮੂੰਹ ‘ਤੇ ਚਪੇੜ ਹੈ।

ਇਮਰਾਨ ਖ਼ਾਨ (Imran Khan) ਨੇ ਇਸਲਾਮਾਬਾਦ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੀ ਸਜ਼ਾ ਅਤੇ ਤਿੰਨ ਸਾਲ ਦੀ ਸਜ਼ਾ ਖ਼ਿਲਾਫ਼ ਅਪੀਲ ਕੀਤੀ ਹੈ। ਇਹ ਅਰਜ਼ੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੇ ਵਕੀਲ ਖਵਾਜਾ ਹਾਰਿਸ ਅਤੇ ਗੌਹਰ ਅਲੀ ਖਾਨ ਨੇ ਦਾਇਰ ਕੀਤੀ ਹੈ। ਫੈਸਲੇ ਨੂੰ ਟਾਲਣ ਦੀ ਮੰਗ ਕਰਨ ਵਾਲੀ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਤੋਸ਼ਾਖਾਨਾ ਮਾਮਲੇ ਵਿਚ ਹੇਠਲੀ ਅਦਾਲਤ ਦਾ ਫੈਸਲਾ ਕਾਨੂੰਨ ਦੇ ਵਿਰੁੱਧ ਸੀ।

ਪਟੀਸ਼ਨਕਰਤਾ ਦੇ ਵਕੀਲਾਂ ਨੇ ਇਸਲਾਮਾਬਾਦ ਹਾਈਕੋਰਟ ਨੂੰ ਕੇਂਦਰੀ ਅਪੀਲ ‘ਤੇ ਫੈਸਲਾ ਆਉਣ ਤੱਕ ਸਜ਼ਾ ਨੂੰ ਮੁਅੱਤਲ ਕਰਦੇ ਹੋਏ ਇਮਰਾਨ ਖਾਨ ਦੀ ਰਿਹਾਈ ਲਈ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਇਮਰਾਨ ਖਾਨ ਦੀ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਦੇ ਜੱਜ ਵੱਲੋਂ ਦਿੱਤਾ ਗਿਆ ਫੈਸਲਾ ਪੱਖਪਾਤੀ ਅਤੇ ਕਾਨੂੰਨ ਦੀਆਂ ਨਜ਼ਰਾਂ ‘ਚ ਗਲਤ ਹੈ ਅਤੇ ਇਸ ਨੂੰ ਇਕ ਪਾਸੇ ਰੱਖਿਆ ਜਾਣਾ ਚਾਹੀਦਾ ਹੈ।

Exit mobile version