ਚੰਡੀਗੜ੍ਹ, 04 ਅਕਤੂਬਰ 2023: ਲੁਧਿਆਣਾ (Ludhiana) ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਜ਼ੁਰਗ ਵਿਅਕਤੀ ਅਤੇ ਦੋ ਬੱਚਿਆਂ ਨੂੰ ਦਰੜ ਦਿੱਤਾ। ਸਥਾਨਕ ਲੋਕਾਂ ਨੇ ਤਿੰਨਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖਮੀ ਬੱਚਿਆਂ ਦਾ ਡੀਐਮਸੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਘਟਨਾ ਦੇ ਤੁਰੰਤ ਬਾਅਦ ਮ੍ਰਿਤਕ ਦੇ ਪੁੱਤਰ ਅਮਰਜੋਤ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਹ ਹਾਦਸਾ ਘਟਨਾ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਿਆ ਹੈ। ਅਮਰਜੋਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਿਤਾ, ਪਤਨੀ ਅਤੇ ਬੱਚਿਆਂ ਸਮੇਤ ਗੁਰੂ ਨਾਨਕ ਖਾਲਸਾ ਕਾਲਜ ਮਾਡਲ ਟਾਊਨ ਦੇ ਰਹਿਣ ਵਾਲੇ ਆਪਣੇ ਦੋਸਤ ਗੁਰਵਿੰਦਰ ਸਿੰਘ ਨੂੰ ਮਿਲਣ ਗਿਆ ਸੀ।
ਉਹ ਰਾਤ ਕਰੀਬ 9 ਵਜੇ ਖਾਣਾ ਖਾ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਦੇ ਬੱਚੇ ਆਪਣੇ ਪਿਤਾ ਤਰਸੇਮ ਸਿੰਘ ਨਾਲ ਸੜਕ ਪਾਰ ਕਰ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਕਾਰ ਚਾਲਕ ਨੇ ਉਸ ਦੇ ਪਿਤਾ ਨੂੰ ਉਸ ਦੀਆਂ ਅੱਖਾਂ ਸਾਹਮਣੇ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਉਥੋਂ ਫਰਾਰ ਹੋ ਗਿਆ।
ਥਾਣਾ ਮਾਡਲ ਟਾਊਨ (Ludhiana) ਦੇ ਜਾਂਚ ਅਧਿਕਾਰੀ ਸੀਤਾ ਰਾਮ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸੀਸੀਟੀਵੀ ਦੇ ਆਧਾਰ ‘ਤੇ ਵਾਹਨ ਨੂੰ ਟਰੇਸ ਕੀਤਾ ਜਾ ਰਿਹਾ ਹੈ। ਫਿਲਹਾਲ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਏ, 279, 337 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।