Site icon TheUnmute.com

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ‘ਚ SGPC ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

1984 ਸਿੱਖ ਕਤਲੇਆਮ

ਅੰਮ੍ਰਿਤਸਰ 02 ਨਵੰਬਰ 2022: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਕੀਰਤਨ ਕੀਤਾ ਅਤੇ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ |

ਉਨ੍ਹਾਂ ਕਿਹਾ ਕਿ ਦਿੱਲੀ, ਕਾਨਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ’ਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਇੰਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ। ਇਸਦੇ ਨਾਲ ਹੀ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ।

ਇਹ ਮਾਨਵਤਾ ਵਿਰੋਧੀ ਕਰੂਰ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਵਾਰ-ਵਾਰ ਧੋਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਦੇ ਹਨ, ਪਰ ਸਰਕਾਰਾਂ ਵੱਲੋਂ ਅੱਜ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ |

Exit mobile version