Patiala

ਪਟਿਆਲਾ ‘ਚ ਨਵਾਂ ਅਸਲਾ ਲਾਇਸੈਂਸ ਲੈਣ ਤੇ ਪੁਰਾਣਾ ਨਵਿਆਉਣ ‘ਤੇ ਹੋਵੇਗੀ ਜ਼ਮੀਨੀ ਰਿਕਾਰਡ ਦੀ ਪੜਤਾਲ

ਪਟਿਆਲਾ, 23 ਸਤੰਬਰ 2024: ਪਟਿਆਲਾ (Patiala) ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਕੰਚਨ ਵੱਲੋਂ ਹੁਕਮ ਜਾਰੀ ਕਰਦਿਆਂ ਪਟਿਆਲਾ ਅੰਦਰ ਫ਼ਸਲਾਂ ਨੂੰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਿਆ ਗਿਆ ਹੈ।

ਏ.ਡੀ.ਸੀ. ਕੰਚਨ ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜ਼ਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸੀ ਦੇ ਲਾਇਸੈਂਸ ਦਾ ਨਵੀਨੀਕਰਨ ਕੀਤਾ ਜਾਵੇਗਾ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Patiala) ਨੇ ਜਾਰੀ ਹੁਕਮਾਂ ਰਾਹੀਂ ਕਿਹਾ ਕਿ ਪ੍ਰਦੂਸ਼ਣ ਨਾਲ ਨਜਿੱਠਣ ਲਈ ਇਹ ਲਾਜ਼ਮੀ ਹੈ ਕਿ ਜਦੋਂ ਕੋਈ ਵਿਅਕਤੀ ਨਵਾਂ ਅਸਲਾ ਲਾਇਸੈਂਸ ਬਣਵਾਉਣ ਲਈ ਜਾਂ ਫਿਰ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਲਈ ਅਰਜੀ ਪੇਸ਼ ਕਰਦਾ ਹੈ ਤਾਂ ਸੰਬੰਧਿਤ ਬਿਨੈਕਾਰ/ਲਾਇਸੈਂਸੀ ਦੇ ਮਾਲ ਰਿਕਾਰਡ ‘ਚ ਜੀਰੀ/ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਸਬੰਧੀ ਮਾਲ ਰਿਕਾਰਡ ਦੇ ਇੰਦਰਾਜ ਦੀ ਜਾਂਚ ਰਿਪੋਰਟ ਮਾਲ ਅਧਿਕਾਰੀ ਕੋਲੋਂ ਪ੍ਰਾਪਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਰਿਕਾਰਡ ‘ਚ ਜੇਕਰ ਰੈਡ ਐਂਟਰੀ ਦਾ ਇੰਦਰਾਜ ਦਰਜ ਹੋਵੇਗਾ ਤਾਂ ਬਿਨੈਕਾਰ, ਅਸਲਾ ਲਾਇਸੈਂਸੀ ਨੂੰ ਆਰਮ ਐਕਟ 1959 ਅਤੇ 2016 ਦੀ ਧਾਰਾ 14(1) (ਬੀ) (1) (3) ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰਕੇ ਲਾਇਸੈਂਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸਦੀ ਦਰਖਾਸਤ ਖਾਰਜ ਕਰ ਦਿੱਤੀ ਜਾਵੇਗੀ।

ਇਸਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਤੌਰ ‘ਤੇ ਪਾਇਆ ਗਿਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ‘ਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾਉਂਦੇ ਹਨ ਜਿਸ ਦੇ ਚੱਲਦੇ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ। ਇਸ ਧੂੰਏ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸਤੋਂ ਇਲਾਵਾ ਧੂੰਏ ਨਾਲ ਜ਼ਹਿਰੀਲੀਆਂ ਗੈਸਾਂ ਵੀ ਪੈਦਾ ਹੁੰਦੀਆਂ ਹਨ ਜੋ ਕਿ ਹੋਰ ਬਿਮਾਰੀਆਂ ਵੱਧ ਜਾਂਦੀਆਂ ਹਨ।

ਇਸਦਾ ਬੱਚਿਆਂ ‘ਤੇ ਵੀ ਬੁਰਾ ਅਸਰ ਹੁੰਦਾ ਹੈ | ਇਸ ਧੂੰਏ ਕਾਰਨ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ‘ਤੇ ਵੀ ਬੁਰਾ ਅਸਰ ਪੈਂਦਾ ਹੈ ਤੇ ਅੱਗ ਲੱਗਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ ਤੇ ਖੇਤਾਂ ‘ਚ ਜੈਵਿਕ ਮਾਦਾ ਵੀ ਸੜ ਜਾਂਦਾ ਹੈ, ਜਿਸ ਕਰਕੇ ਜਮੀਨ ਸੁੱਕੀ ਤੇ ਸਖ਼ਤ ਹੋਣ ਨਾਲ ਇਸ ਦੀ ਪਾਣੀ ਸੋਖਣ ਦ ਸਮਰੱਥਾ ਘੱਟ ਜਾਂਦੀ ਹੈ। ਇਸਦੇ ਨਾਲ ਹੀ ਬਿਨ੍ਹਾਂ ਤਾਪਮਾਨ ‘ਚ ਵਾਧੇ ਕਰਕੇ ਨਾਈਟ੍ਰੋਜ਼ਨ, ਫਾਸਫੋਰਸ, ਸਲਫ਼ਰ ਪੋਟਾਸ਼ ਵਰਗੇ ਜਰੂਰੀ ਤੱਤ ਵੀ ਖ਼ਤਮ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਇਸ ਲਈ ਫ਼ਸਲਾਂ ਦੇ ਨਾੜ, ਰਹਿੰਦ ਖ਼ੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਹ ਹੁਕਮ ਜਾਰੀ ਕੀਤਾ ਹੈ।

Scroll to Top