ਚੰਡੀਗੜ੍ਹ,17 ਅਪ੍ਰੈਲ 2023: ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਦੇ ਵਿਚਕਾਰ ਮੌਸਮ ਵਿਭਾਗ ਤੋਂ ਕੁਝ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਬਾਅਦ ਦੋ ਦਿਨ ਪੰਜਾਬ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਪੈ ਸਕਦੀ ਹੈ, ਜਿਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣੀ ਸੁਭਾਵਿਕ ਹੈ। ਮੌਸਮ ਵਿਭਾਗ ਮੁਤਾਬਕ ਕਈ ਥਾਵਾਂ ‘ਤੇ ਗਰਜ ਅਤੇ ਬਾਰਿਸ਼ (Rain) ਪੈਣ ਦੀ ਸੰਭਾਵਨਾ ਹੈ।
ਜਦੋਂ ਕਿ ਦਿੱਲੀ ਐਨ.ਸੀ.ਆਰ. ਅੱਜ ਹਲਕੀ ਬਾਰਿਸ਼ (Rain) ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਤੋਂ 20 ਅਪ੍ਰੈਲ ਤੱਕ ਦਿੱਲੀ-ਐੱਨ.ਸੀ.ਆਰ. ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਗਰਜ਼-ਤੂਫ਼ਾਨ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ।
ਦੂਜੇ ਪਾਸੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਢੇਰ ਲੱਗ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ 1916 ਅਨਾਜ ਮੰਡੀਆਂ ਵਿੱਚ ਹੁਣ ਤੱਕ 23.00 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। 19.34 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਣਕ ਦੀ ਆਮਦ ਵਿੱਚ ਪਟਿਆਲਾ ਜ਼ਿਲ੍ਹਾ ਮੋਹਰੀ ਹੈ।