ਚੰਡੀਗੜ੍ਹ, 18 ਮਈ 2024: ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਨ੍ਹਾਂ ਨੂੰ ਆਖਰੀ ਵਾਰ ਲਖਨਊ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੇਖਿਆ ਗਿਆ ਸੀ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਬਿਭਵ ਕੁਮਾਰ ਨੂੰ ਸੀਐਮ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਸਿਵਲ ਲਾਈਨ ਥਾਣੇ ਲਿਜਾਇਆ ਗਿਆ ਹੈ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਹੁਣ ਉਸ ਤੋਂ ਪੁੱਛਗਿਛ ਕਰਕੇ ਇਹ ਪਤਾ ਕਰੇਗੀ ਕਿ ਕੇਸ ਦਰਜ ਹੋਣ ਤੋਂ ਬਾਅਦ ਕੀ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਅੰਦਰ ਸੀ ਜਾਂ ਕਿਤੇ ਹੋਰ ?
ਜਿਕਰਯੋਗ ਹੈ ਕਿ ਬੀਤੇ ਦਿਨ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਦੇ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਪਿੱਛੇ ਭਾਰਤੀ ਜਨਤਾ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਆਤਿਸ਼ੀ ਨੇ ਕਿਹਾ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਸੀਐਮ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ‘ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਘਟਨਾ ਵਾਲੇ ਦਿਨ ਮੁੱਖ ਮੰਤਰੀ ਕੇਜਰੀਵਾਲ ਉੱਥੇ ਨਹੀਂ ਸਨ।