ਚੰਡੀਗੜ੍ਹ, 06 ਮਾਰਚ 2023: ‘ਆਪ’ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸੀਬੀਆਈ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਵਿਪਸਨਾ ਸੈੱਲ ਭੇਜ ਭੇਜਣ ਦੇ ਹੁਕਮ ਸੁਣਾਏ । ਅਦਾਲਤ ਨੇ ਸਿਸੋਦੀਆ ਨੂੰ ਗੀਤਾ, ਡਾਇਰੀ ਅਤੇ ਪੈੱਨ ਰੱਖਣ ਦੀ ਇਜਾਜ਼ਤ ਦਿੱਤੀ ਹੈ। ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਦਵਾਈਆਂ ਰੱਖਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ।
ਇਸਤੋਂ ਬਾਅਦ ਮਨੀਸ਼ ਸਿਸੋਦੀਆ (Manish Sisodia) ਨੂੰ ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਵੇਗਾ। ਦਰਅਸਲ, 4 ਮਾਰਚ ਨੂੰ ਰਾਉਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੇ ਸੀਬੀਆਈ ਰਿਮਾਂਡ ਨੂੰ ਦੋ ਦਿਨ ਹੋਰ ਵਧਾ ਦਿੱਤਾ ਸੀ। ਹਾਲਾਂਕਿ ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 10 ਮਾਰਚ ਨੂੰ ਹੋਵੇਗੀ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਇੱਕ ਹਫ਼ਤੇ ਤੋਂ ਸੀਬੀਆਈ ਦੀ ਹਿਰਾਸਤ ਵਿੱਚ ਹਨ। ਗ੍ਰਿਫਤਾਰੀ ਤੋਂ ਬਾਅਦ ਸਿਸੋਦੀਆ ਨੂੰ ਪੰਜ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਕੇਂਦਰੀ ਏਜੰਸੀ ਨੂੰ ਉਸ ਦੇ ਦੋ ਦਿਨ ਹੋਰ ਰਿਮਾਂਡ ‘ਤੇ ਭੇਜੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।