ਜ਼ਿਲ੍ਹਾ ਯੋਜਨਾ ਕਮੇਟੀ

ਡਿਪਟੀ ਸਪੀਕਰ ਰੋੜੀ ਤੇ ਜਿੰਪਾ ਦੀ ਮੌਜੂਦਗੀ ’ਚ ਕਰਮਜੀਤ ਕੌਰ ਨੇ ਸਾਂਭਿਆ ਚੇਅਰਪਰਸਨ ਦਾ ਅਹੁਦਾ

ਹੁਸ਼ਿਆਰਪੁਰ, 23 ਜਨਵਰੀ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੇ ਲਗਾਏ ਗਏ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵੱਖ-ਵੱਖ ਵਿਧਾਇਕਾਂ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ।

ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਐਮ.ਪੀ. ਸੰਦੀਪ ਪਾਠਕ, ਐਮ.ਪੀ ਰਾਘਵ ਚੱਢਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੰਗਠਨ ਦੇ ਹੋਰ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਦੇ ਕੰਮ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਜ਼ਿਲ੍ਹੇ ਦੇ ਵਿਕਾਸ ਕੰਮਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀ ਉਨ੍ਹਾਂ ਦੇ ਜ਼ਿਲ੍ਹੇ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੇ ਸੇਵਕ ਬਣ ਕੇ ਕੰਮ ਕੀਤੇ ਜਾਣਗੇ।

ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਮਜੀਤ ਕੌਰ ਇਕ ਬਿਹਤਰੀਨ ਸੰਗਠਨ ਕਰਤਾ ਦੇ ਨਾਲ-ਨਾਲ ਸਮਾਜਿਕ ਤੌਰ ’ਤੇ ਵੀ ਆਪਣੀ ਵੱਖਰੀ ਪਹਿਚਾਣ ਰੱਖਦੇ ਹਨ ਅਤੇ ਚੇਅਰਪਰਸਨ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਅਹੁਦੇ ਲਈ ਉਨ੍ਹਾਂ ਨੂੰ ਚੁਣਨਾ ਪਾਰਟੀ ਦੀ ਦੂਰਦਰਸ਼ੀ ਸੋਚ ਹੈ।

ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵੀ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੱਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਇੰਚਾਰਜ ਮੁਕੇਰੀਆਂ ਜੀ.ਐਸ. ਮੁਲਤਾਨੀ, ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਲੋਕ ਸਭਾ ਇਚਾਰਜ ਹਰਮਿੰਦਰ ਸਿੰਘ ਬਖਸ਼ੀ, ਮੋਹਨ ਲਾਲ ਚਿੱਤੋਂ, ਸੰਯੁਕਤ ਸਕੱਤਰ ਪੰਜਾਬ ਸਤਵੰਤ ਸਿੰਘ ਸਿਆਣ, ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ, ਰਾਜੇਸ਼ ਜਸਵਾਲ, ਚੌਧਰੀ ਕਮਲ ਧੂਤ, ਮੋਹਨ ਲਾਲ ਪਹਿਲਵਾਨ, ਤਰੁਣ ਗੁਪਤਾ, ਰਾਜਾ ਚੌਧਰੀ, ਅਜੇ ਵਰਮਾ, ਅਜੇ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Scroll to Top