ਚੰਡੀਗੜ੍ਹ 27 ਅਕਤੂਬਰ 2022: ਰਾਮਪੁਰ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ (Azam Khan) ਨੂੰ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿੱਚ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਆਜ਼ਮ ਖਾਨ ਨੂੰ ਅੱਜ ਰਾਮਪੁਰ ਅਦਾਲਤ ਨੇ ਆਈਪੀਸੀ ਦੀ ਧਾਰਾ 153-ਏ, 505-ਏ ਅਤੇ 125 ਲੋਕ ਪ੍ਰਤੀਨਿਧਤਾ ਐਕਟ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਸਜ਼ਾ ਦੇ ਐਲਾਨ ਤੋਂ ਬਾਅਦ ਸਮਾਜਵਾਦੀ ਪਾਰਟੀ (Samajwadi Party) ਦੇ ਵਿਧਾਇਕ ਆਜ਼ਮ ਖਾਨ ਦੀ ਵਿਧਾਨ ਸਭਾ ਮੈਂਬਰੀ ਖ਼ਤਰੇ ਵਿੱਚ ਹੈ। ਹਾਲਾਂਕਿ ਆਜ਼ਮ ਖਾਨ ਦੇ ਵਕੀਲਾਂ ਦੀ ਤਰਫੋਂ ਅਦਾਲਤ ਵਿੱਚ ਦੋ ਜ਼ਮਾਨਤ ਦਾਇਰ ਕਰ ਦਿੱਤੀਆਂ ਗਈਆਂ ਹਨ, ਜ਼ਮਾਨਤ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਦੋਂ ਇਸ ਬਾਰੇ ਆਜ਼ਮ ਖਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਆਜ਼ਮ ਖਾਨ (Azam Khan) ਦੇ ਖਿਲਾਫ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਮਿਲਕ ਕੋਤਵਾਲੀ ਖੇਤਰ ਦੇ ਖਾਤਾਨਗਰਿਆ ਪਿੰਡ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕੀਤਾ ਸੀ। ਦੋਸ਼ ਹੈ ਕਿ ਉਸ ਨੇ ਭੜਕਾਊ ਭਾਸ਼ਣ ਦਿੱਤਾ ਸੀ ਜਿਸ ਨਾਲ ਦੋ ਵਰਗਾਂ ਵਿਚਾਲੇ ਨਫ਼ਰਤ ਫੈਲ ਸਕਦੀ ਸੀ। ਜਿਸ ਦਾ ਵੀਡੀਓ ਵਾਇਰਲ ਹੋ ਗਿਆ ਸੀ ।