Site icon TheUnmute.com

ਉੱਤਰਾਖੰਡ ‘ਚ ਹੁਣ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਨੂੰ ਕਰਵਾ ਸਕੇਗਾ ਰਜਿਸਟਰ

Anand Marriage Act

ਚੰਡੀਗੜ੍ਹ,12 ਅਗਸਤ, 2023: ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਕਾਰਜ ਐਕਟ (Anand Marriage Act) ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ | ਬੈਠਕ ਤੋਂ ਬਾਅਦ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਉਤਰਾਖੰਡ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਕਿਹਾ- ਉੱਤਰਾਖੰਡ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਲੰਬੇ ਸਮੇਂ ਤੋਂ ਲਟਕਿਆ ਹੋਇਆ ਬਿੱਲ ਜੋ ਹੁਣ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਇਜਾਜ਼ਤ ਦਿੰਦਾ ਹੈ, ਉੱਤਰਾਖੰਡ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਲਈ ਇੱਕ ਵੱਡੀ ਜਿੱਤ ਹੈ। ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਫੈਸਲੇ ਤੋਂ ਬਾਅਦ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ।

ਪਹਿਲੀ ਵਾਰ ਆਨੰਦ ਮੈਰਿਜ ਐਕਟ (Anand Marriage Act)  1909 ਵਿੱਚ ਅੰਗਰੇਜ਼ਾਂ ਦੇ ਸਮੇਂ ਵਿੱਚ ਲਾਗੂ ਹੋਇਆ ਸੀ। ਪਰ ਕਿਸੇ ਕਾਰਨ ਇਹ ਐਕਟ ਉਸ ਸਮੇਂ ਲਾਗੂ ਨਹੀਂ ਹੋ ਸਕਿਆ। 2007 ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਸੀ ਤਾਂ ਸਿੱਖ ਭਾਈਚਾਰੇ ਨੇ ਵੀ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਉਠਾਈ ਸੀ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਸਨ।

ਆਨੰਦ ਮੈਰਿਜ ਐਕਟ ਵਿੱਚ ਪਹਿਲਾਂ ਵੀ ਕਈ ਵਾਰ ਬਦਲਾਅ ਕੀਤੇ ਜਾ ਚੁੱਕੇ ਹਨ। 7 ਜੂਨ 2012 ਨੂੰ, ਦੋਵਾਂ ਸਦਨਾਂ ਨੇ ਆਨੰਦ ਮੈਰਿਜ ਐਕਟ 1909 ਵਿੱਚ ਸੋਧ ਕਰਦੇ ਹੋਏ ਆਨੰਦ ਮੈਰਿਜ ਸੋਧ ਬਿੱਲ 2012 ਪਾਸ ਕੀਤਾ। ਇਸ ਐਕਟ ਤਹਿਤ ਸਿੱਖ ਪਰੰਪਰਾਗਤ ਵਿਆਹਾਂ ਨੂੰ ਪ੍ਰਮਾਣਿਤ ਕਰਨ ਲਈ ਆਨੰਦ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ।

Exit mobile version