Site icon TheUnmute.com

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Punjab

ਚੰਡੀਗੜ੍ਹ, 09 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

Exit mobile version