ਦਿੱਲੀ, 27 ਮਾਰਚ 2026: ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਪੱਛਮੀ ਏਸ਼ੀਆਈ ਟਕਰਾਅ ਤੋਂ ਪੈਦਾ ਹੋਣ ਵਾਲੇ ਮੁੱਦਿਆਂ ਦੀ ਨਿਗਰਾਨੀ ਲਈ ਇੱਕ ਇੰਟਰ-ਮਨੀਸਟੀਰੀਅਲ ਗਰੁੱਪ (ਕਮੇਟੀ) (inter-ministerial group) ਬਣਾਇਆ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਗਰੁੱਪ ਦੀ ਪ੍ਰਧਾਨਗੀ ਕਰਦੇ ਹਨ ਅਤੇ ਇਸ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਹੋਰ ਮੰਤਰੀ ਸ਼ਾਮਲ ਹਨ।
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਨੂੰ ਚੋਣ ਵਾਲੇ ਸੂਬੇ ਤੋਂ ਇਲਾਵਾ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨਗੇ। ਖਾੜੀ ਦੇਸ਼ਾਂ ‘ਚ ਟਕਰਾਅ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀਆਂ ਨਾਲ ਇਹ ਪ੍ਰਧਾਨ ਮੰਤਰੀ ਮੋਦੀ ਦੀ ਪਹਿਲੀ ਬੈਠਕ ਹੋਵੇਗੀ। ਕੈਬਨਿਟ ਸਕੱਤਰੇਤ ਚੋਣ ਵਾਲੇ ਸੂਬਿਆਂ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੇ ਮੁੱਖ ਸਕੱਤਰਾਂ ਨਾਲ ਵੱਖਰੀਆਂ ਬੈਠਕਾਂ ਹੋਣਗੀਆਂ।
ਚਰਚਾ ਹੈ ਕਿ ਪ੍ਰਧਾਨ ਮੰਤਰੀ ਸ਼ੁੱਕਰਵਾਰ ਸ਼ਾਮ ਨੂੰ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀਆਂ ਨਾਲ ਜੁੜਨਗੇ ਅਤੇ ਸੰਕਟ ਨਾਲ ਨਜਿੱਠਣ ਲਈ ਸੂਬਿਆਂ ਦੀਆਂ ਤਿਆਰੀਆਂ ਅਤੇ ਯੋਜਨਾਵਾਂ ਦੀ ਸਮੀਖਿਆ ਕਰਨਗੇ। ਇਸ ਪਹਿਲ ਦਾ ਉਦੇਸ਼ “ਟੀਮ ਇੰਡੀਆ” ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਸਰਕਾਰੀ ਯਤਨਾਂ ਦੇ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ।
ਪ੍ਰਧਾਨ ਮੰਤਰੀ ਮੋਦੀ ਈਰਾਨ ਟਕਰਾਅ ਤੋਂ ਪੈਦਾ ਹੋਏ ਸੰਕਟ ਵਿੱਚ ਸਰਗਰਮੀ ਨਾਲ ਸ਼ਾਮਲ ਹੋਏ ਹਨ। ਸੋਮਵਾਰ ਨੂੰ, ਉਨ੍ਹਾਂ ਨੇ ਲੋਕ ਸਭਾ ਦੇ ਸੰਸਦ ਮੈਂਬਰਾਂ ਨੂੰ ਇਸ ਸਬੰਧ ‘ਚ ਸਰਕਾਰ ਦੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਸੀ | ਬੁੱਧਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ‘ਚ ਪ੍ਰਧਾਨ ਮੰਤਰੀ ਨੇ ਦੇ ਸੀਨੀਅਰ ਮੰਤਰੀਆਂ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਿਉਂਕਿ ਰਾਜ ਤੇਲ ਅਤੇ ਗੈਸ ਸਪਲਾਈ ਦੇ ਪ੍ਰਬੰਧਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਮੋਦੀ ਹੁਣ ਇਸ ਮਾਮਲੇ ‘ਤੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਨੇ ਲਗਾਤਾਰ ਕਿਹਾ ਹੈ ਕਿ ਈਰਾਨ ਟਕਰਾਅ ਤੋਂ ਪੈਦਾ ਹੋਇਆ ਸੰਕਟ ਲੰਮਾ ਹੋ ਸਕਦਾ ਹੈ। ਉਨ੍ਹਾਂ ਨੇ ਇਹ ਵੀ ਖਦਸ਼ਾ ਪ੍ਰਗਟ ਕੀਤਾ ਹੈ ਕਿ ਕੁਝ ਤੱਤ ਸੰਕਟ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਅਤੇ ਸੂਬਿਆਂ ਨੂੰ ਇਸ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣੇ ਪੈਣਗੇ।
Read More: ਪੱਛਮੀ ਏਸ਼ੀਆਈ ਸੰਕਟ ਕਾਰਨ ਦੇਸ਼ ‘ਚ ਲੌਕਡਾਊਨ ਨਹੀਂ ਲੱਗੇਗਾ, ਇਹ ਸਿਰਫ਼ ਅਫਵਾਹਾਂ: ਕੇਂਦਰ ਸਰਕਾਰ




