IAS officer Parampal Kaur

ਤੁਸੀਂ ਕਿਸ ਹੈਸੀਅਤ ‘ਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਚੰਡੀਗੜ੍ਹ, 17 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (BHAGWANT MANN)  ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਨ੍ਹਾਂ ਨੇ ਕਿਸ ਹੈਸੀਅਤ ਵਿੱਚ ਇਹ ਨੰਬਰ ਜਾਰੀ ਕੀਤੇ ਹਨ।

ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਬਜਾਏ ਇਨ੍ਹਾਂ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਨੰਬਰ ਜਨਤਕ ਨਹੀਂ ਕੀਤੇ ਗਏ ਪਰ ਸੁਖਬੀਰ ਬਾਦਲ ਆਪਣੇ ਚੈਨਲ ‘ਤੇ ਇਹ ਨੰਬਰ ਜਾਰੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਿਸ ਹੈਸੀਅਤ ਵਿਚ ਇਹ ਨੰਬਰ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗ ਰਹੇ ਹਨ ਜਦਕਿ ਅਜੇ ਤੱਕ ਇਹ ਨੰਬਰ ਜਨਤਕ ਤੌਰ ਉਤੇ ਨਸ਼ਰ ਵੀ ਨਹੀਂ ਹੋਏ।

ਮੁੱਖ ਮੰਤਰੀ (BHAGWANT MANN)  ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਇਹ ਸਟੈਂਡ ਸਹੀ ਸਾਬਤ ਹੋਇਆ ਹੈ ਕਿ ਇਕ ਪਰਿਵਾਰ ਆਪਣੇ ਨਿੱਜੀ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਅੱਜ ਇਨ੍ਹਾਂ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਹੀ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਸੂਬੇ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੇ ਅਤੇ ਉਹ ਇਨ੍ਹਾਂ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਸੂਬੇ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਆਗੂਆਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।

Scroll to Top