ਸੰਗਰੂਰ, 16 ਮਾਰਚ, 2023: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ ਜੰਜੂਆ (VK Janjua) ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ’ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ।
ਇਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਸਕੱਤਰ ਵੀ.ਕੇ. ਜੰਜੂਆ ਵੱਲੋਂ ਇਸਦਾ ਬੜੀ ਹੀ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਬੋਲਦਿਆਂ ਮੁੱਖ ਸਕੱਤਰ ਵੀ.ਕੇ. ਜੰਜੂਆ (VK Janjua) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹੁਣ ਨਾਗਰਿਕਾਂ ਨੂੰ ਪ੍ਰਸ਼ਾਸਨਿਕਾਂ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਮੁਸ਼ਕਿਲ ਤੋਂ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਪ੍ਰਸ਼ਾਸਨਿਕ ਸੇਵਾ ਸਬੰਧੀ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਨੂੰ ਵੀ ਕਾਨੂੰਨ ਅਨੁਸਾਰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ ਅਤੇ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਹਾਜ਼ਰ ਸਨ।