Water Supply Scheme

ਬ੍ਰਮ ਸ਼ੰਕਰ ਜਿੰਪਾ ਤੇ ਕਰਮਵੀਰ ਘੁੰਮਣ ਵੱਲੋਂ ਪਿੰਡ ਜਲੋਟਾ ’ਚ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ

ਦਸੂਹਾ/ਹੁਸ਼ਿਆਰਪੁਰ, 27 ਜੁਲਾਈ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਦਸੂਹਾ ਦੇ ਪਿੰਡ ਜਲੋਟਾ ਵਿਖੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨਾਲ 63 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ (Water Supply Scheme) ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਨਿਰਵਿਘਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿਚ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ ਅਤੇ ਘਰ-ਘਰ ਪਖਾਨਾ ਬਣਾਉਣ ਸਬੰਧੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੀਆਂ ਵੱਖ-ਵੱਖ ਵਾਟਰ ਸਪਲਾਈ (Water Supply Scheme) ਤੇ ਸੀਵਰੇਜ਼ ਦੀਆਂ ਸਕੀਮਾਂ ਵਿਚੋਂ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ ਵਿਧਾਨ ਸਭਾ ਹਲਕੇ ਵਿਚ ਹੀ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗਰਾਊਂਡ ਜ਼ੀਰੋ ’ਤੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਹਰ ਵਿਭਾਗ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਚਾਹੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਹੋਵੇ ਜਾਂ ਬਿਹਤਰ ਸਿਹਤ ਸਹੂਲਤਾਂ, ਪੀਣ ਵਾਲਾ ਸਾਫ਼ ਪਾਣੀ, ਸਿੱਖਿਆ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੋਵੇ, ਹਰ ਲੋਕ ਸੁਵਿਧਾ ਨਾਲ ਜੁੜੇ ਮਾਮਲਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਜ਼ਮੀਨੀ ਪੱਧਰ ’ਤੇ ਕੰਮ ਹੋ ਰਿਹਾ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਜਿਥੇ-ਜਿਥੇ ਪਾਣੀ ਦਾ ਪੱਧਰ ਕਾਫ਼ੀ ਥੱਲੇ ਜਾ ਚੁੱਕਾ ਹੈ, ਉਨ੍ਹਾਂ ਇਲਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਪਰਿਯੋਜਨਾਵਾਂ ’ਤੇ ਕੰਮ ਚੱਲ ਰਿਹਾ ਹੈ। ਇਸ ਦੌਰਾਨ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਵਿਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਸ.ਡੀ.ਓ ਸੇਵਾ ਸਿੰਘ, ਸਰਪੰਚ ਪੁਸ਼ਪਿੰਦਰ ਕੌਰ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Scroll to Top