Site icon TheUnmute.com

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 32 ਫੀਸਦੀ ਵਾਧਾ: ਜਿੰਪਾ

Bram Shankar Jimpa
ਚੰਡੀਗੜ੍ਹ, 7 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ।
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ।
ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ।
ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਲਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ
Exit mobile version