ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ
ਚੰਡੀਗੜ੍ਹ, 15 ਫਰਵਰੀ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।
ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।
ਮਾਲ ਮੰਤਰੀ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ।
ਮੁੰਡੀਆ ਨੇ ਅੱਗੇ ਕਿਹਾ ਕਿ ਪੇਂਡੂ ਚੌਂਕੀਦਾਰ ਹਿਫ਼ਾਜ਼ਤ ਤੋਂ ਇਲਾਵਾ ਪਿੰਡ ਦੇ ਵਿਕਾਸ ਵਿੱਚ ਉਸਾਰੂ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਨੰਬਰਦਾਰਾਂ ਲਈ ਅਹਿਮ ਕੜੀ ਵਜੋਂ ਕੰਮ ਕਰਦੇ ਹਨ।ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਹੁਣ ਇਸ ਨੂੰ ਲਾਗੂ ਕਰਨ ਲਈ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
Read More: ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ