ਆਮ ਆਦਮੀ ਕਲੀਨਿਕਾਂ

ਪੰਜਾਬ ਸਰਕਾਰ ਵਲੋਂ ਸੁਤੰਤਰਤਾ ਦਿਵਸ ‘ਤੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ‘ਚ ਵਾਧਾ

ਚੰਡੀਗੜ੍ਹ 12 ਅਗਸਤ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ 15 ਅਗਸਤ ਨੂੰ 75 ਮੁਹੱਲਾਂ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਣਾ ਸੀ। ਪਰ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਇਹਨਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਫਲੈਗਸ਼ਿਪ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਮੰਤਰੀ ਨੇ ਖੁਲਾਸਾ ਕੀਤਾ ਕਿ ਸੁਤੰਤਰਤਾ ਦਿਵਸ ਦੇ “ਅੰਮ੍ਰਿਤ ਮਹਾਂਉਤਸਵ” ਦੇ ਤਹਿਤ, ਆਮ ਆਦਮੀ ਕਲੀਨਿਕ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ, ਹੇਠਲੇ ਅਤੇ ਮੱਧ ਵਰਗ ਦੇ ਲੋਕਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਸਾਰੇ ਸਿਹਤ ਲਾਭ ਮਿਲਣਗੇ ਬਲਕਿ ਇਹ ਹਸਪਤਾਲਾਂ ਵਿੱਚ ਬੇਲੋੜੀ ਭੀੜ ਨੂੰ ਘਟਾਉਣ ਵਿੱਚ ਵੀ ਮਦਦ ਕਰੇਗਾ। ਜੌੜਾਮਾਜਰਾ ਨੇ ਕਿਹਾ, “ਰਾਜ ਸਰਕਾਰ ਇੱਕ ਮਜ਼ਬੂਤ ​​ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਿਚਾਰਧਾਰਾ ਦੇ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਰਾਜ ਦੇ ਹਰ ਵਿਅਕਤੀ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਲਿੰਗ ਅਤੇ ਉਮਰ ਵਰਗ ਨੂੰ ਆਪਣੀ ਆਮਦਨ ਦੀ ਚਿੰਤਾ ਕੀਤੇ ਬਿਨਾਂ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

 

Scroll to Top