ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਮੁੱਖ ਮੰਤਰੀ ਨੇ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ‘ਚ ਬਦਲਾਅ ਆ ਰਾਹ ਹੈ ਅਤੇ ਦੇਸ਼ ਭਰ ‘ਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ‘ਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ‘ਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ‘ਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ‘ਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ, ਜਿਸ ‘ਚ ਪਿਛਲੇ 4 ਸਾਲਾਂ ‘ਚ ਕੀਤੇ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ‘ਚ ਤਰੱਕੀ ਕੀਤੀ ਹੈ। ਸਾਡੇ ਦੇਸ਼ ‘ਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ‘ਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ‘ਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ‘ਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਪਿਛਲੇ ਚਾਰ ਸਾਲਾਂ ‘ਚ ਪੰਜਾਬ ‘ਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ |
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ‘ਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, ‘ਸਮਾਰਟ ਸਕੂਲ’ ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ‘ਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ |
ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ।”
ਉਨ੍ਹਾਂ ਕਿਹਾ ਕਿ “ਨੈਸ਼ਨਲ ਅਚੀਵਮੈਂਟ ਸਰਵੇ-2024 ‘ਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਕਰੀਬ 7ਵੇਂ ਜਾਂ 8ਵੇਂ ਸਥਾਨ ‘ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੈ।”ਹਾਲ ਹੀ ਦੇ ਸਾਲਾਂ ‘ਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ‘ਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ।”
ਮੁੱਖ ਮੰਤਰੀ ਮਾਨ ਨੇ ਕਿਹਾ, “118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਨ ‘ਚ ਮੱਦਦ ਕਰ ਰਹੇ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ‘ਚ ਹਿੱਸਾ ਲਿਆ ਹੈ।”
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਕੂਲਾਂ ‘ਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬੱਧ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ‘ਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਹਨ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ, ਜਿਸ ਦਾ ਕਰੀਬ 15,500 ਵਿਦਿਆਰਥੀ ਲਾਭ ਉਠਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ।
ਉਨ੍ਹਾਂ ਕਿਹਾ ਕਿ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ । ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ।
ਇਸਦੇ ਨਾਲ ਹੀ ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ‘ਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।
ਬੁਨਿਆਦੀ ਢਾਂਚੇ ਅਤੇ ਸੁਰੱਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਹਨ। ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ‘ਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਕਲਾਸਰੂਮ, ਸਾਇੰਸ ਲੈਬਾਟਰੀਆਂ, ਕੰਪਿਊਟਰ ਲੈਬਾਂ, ਬਹੁ-ਮੰਤਵੀ ਕਮਰੇ, ਰਸੋਈਆਂ, ਮੈਡੀਕਲ ਕਮਰੇ, ਹੈੱਡ ਰੂਮ, ਖੇਡ ਦੇ ਮੈਦਾਨ ਅਤੇ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਪਖਾਨੇ ਬਣਾਏ ਹਨ। ਵਿਦਿਆਰਥੀਆਂ ਨੂੰ ਹੁਣ ਸਮੇਂ ਸਿਰ ਕਿਤਾਬਾਂ ਮਿਲਦੀਆਂ | ਇਸ ਤੋਂ ਇਲਾਵਾ 25 ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਮ ‘ਤੇ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ‘ਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ ‘ਤੇ 70 ਕਰੋੜ ਰੁਪਏ ਕਮਾਏ ਹਨ। ਪੰਜਾਬ ਪਹਿਲਾ ਸੂਬਾ ਹੈ, ਜਿਸ ਨੇ 11ਵੀਂ ਜਮਾਤ ‘ਚ ਉੱਦਮਤਾ ਨੂੰ ਇੱਕ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਤਲਾਸ਼ਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।
ਸਕੂਲ ਮੈਂਟਰਸ਼ਿਪ ਪ੍ਰੋਗਰਾਮ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ 15 ਦਿਨਾਂ ਦਾ ਪ੍ਰੋਗਰਾਮ ਕਰਵਾਇਆ ਕੀਤਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਪਹਿਲੀ ‘ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਪੇਸ਼ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਿੰਡਾਂ ਦੇ ਵਿਦਿਆਰਥੀਆਂ ਲਈ ਪਹੁੰਚ ਨੂੰ ਬਿਹਤਰ ਬਣਾਉਣ ਲਈ ‘ਪੰਜਾਬੀ-ਫਸਟ ਨੀਤੀ’ ਲਾਗੂ ਕੀਤੀ ਹੈ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਡਿਗਰੀ ਕਾਲਜਾਂ ਲਈ ਔਨਲਾਈਨ ਦਾਖਲਾ ਪੋਰਟਲ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਨਵੇਂ ਡਿਗਰੀ ਕਾਲਜਾਂ ਦੀ ਯੋਜਨਾ ਬਣਾਈ ਹੈ ਅਤੇ ਅਜਨਾਲਾ ਦੇ ਬਿਕਰੌਰ ਵਿਖੇ ਇੱਕ ਕਾਲਜ ਦੀ ਉਸਾਰੀ ਚੱਲ ਰਹੀ ਹੈ।”
ਉਨ੍ਹਾਂ ਨੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ‘ਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ।
ਉਨ੍ਹਾਂ ਕਿਹਾ ਕਿ ‘ਸ਼ਬਦਮਾਲਾ ਈ-ਡਿਕਸ਼ਨਰੀ’ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਂਡਰਾਇਡ ਐਪ ਵਜੋਂ ਲਾਂਚ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ‘ਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।
Read More: ਕਾਨੂੰਨੀ ਹੁਨਰ ਨੂੰ ਨਿਖਾਰਨ ਲਈ ਰਿਆਤ ਬਾਹਰਾ ਯੂਨੀਵਰਸਿਟੀ ‘ਚ ਕਰਵਾਇਆ ਰਾਸ਼ਟਰੀ ਪੱਧਰੀ ਮੂਟ ਕੋਰਟ ਮੁਕਾਬਲਾ




