ਦੇਸ਼, 18 ਜੁਲਾਈ 2026: ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ 15 ਸੂਬਿਆਂ ‘ਚ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਦੇਸ਼ ਦੇ ਕਈ ਹਿੱਸਿਆਂ ‘ਚ ਮਾਨਸੂਨ ਦੀ ਗਤੀਵਿਧੀ ਤੇਜ਼ ਹੋਣ ਕਾਰਨ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਗਰਜ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਮੁਤਾਬਕ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਸੂਬਿਆਂ ‘ਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਅਤੇ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਰੁੱਖਾਂ, ਬਿਜਲੀ ਦੇ ਖੰਭਿਆਂ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ ਦੌਰਾਨ ਘਰ ਦੇ ਅੰਦਰ ਰਹਿਣ ਅਤੇ ਰੁੱਖਾਂ ਹੇਠ ਪਨਾਹ ਲੈਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਖ਼ਰਾਬ ਮੌਸਮ ਤੋਂ ਪ੍ਰਭਾਵਿਤ ਖੇਤਰਾਂ ‘ਚ ਆਵਾਜਾਈ ਅਤੇ ਬਿਜਲੀ ਸਪਲਾਈ ‘ਚ ਵਿਘਨ ਪੈਣ ਦੀ ਸੰਭਾਵਨਾ ਬਾਰੇ ਵੀ ਨਿਵਾਸੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ।
ਦਿੱਲੀ-ਐਨਸੀਆਰ ਵਿੱਚ ਮੌਸਮ ਇਨ੍ਹਾਂ ਦਿਨਾਂ ‘ਚ ਲਗਾਤਾਰ ਬਦਲ ਰਿਹਾ ਹੈ। ਜਿੱਥੇ ਕਦੇ ਤੇਜ਼ ਧੁੱਪ ਅਤੇ ਨਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ, ਉੱਥੇ ਹੀ ਕਈ ਵਾਰ ਅਚਾਨਕ ਬੱਦਲਵਾਈ, ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਸੁਹਾਵਣਾ ਹੋ ਜਾਂਦਾ ਹੈ। ਭਾਰਤੀ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, 18 ਜੁਲਾਈ ਨੂੰ ਦਿੱਲੀ-ਐਨਸੀਆਰ ਲਈ ਮੀਂਹ, ਬਿਜਲੀ ਗਰਜ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਅਤੇ ਨਮੀ ਲਈ 19 ਜੁਲਾਈ ਨੂੰ ਦੁਬਾਰਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਮੌਸਮ ਵਿਗਿਆਨ ਕੇਂਦਰ ਨੇ 19 ਤੋਂ 23 ਜੁਲਾਈ ਦੇ ਵਿਚਕਾਰ ਕਈ ਜ਼ਿਲ੍ਹਿਆਂ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਜਾਰੀ ਕੀਤਾ ਹੈ। ਇਹ ਅਲਰਟ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਅੱਜ ਤੋਂ ਦੱਖਣ-ਪੱਛਮੀ ਮਾਨਸੂਨ ਦੇ ਨਾਲ-ਨਾਲ ਇਸ ਖੇਤਰ ‘ਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਭਰ ‘ਚ ਵਿਆਪਕ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਵੱਲੋਂ ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਹਿਮਾਲਿਆਈ ਪੱਛਮੀ ਬੰਗਾਲ ‘ਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਸਾਮ, ਮੇਘਾਲਿਆ, ਛੱਤੀਸਗੜ੍ਹ, ਉੱਤਰਾਖੰਡ ਵਿੱਚ ਮੀਂਹ ਲਈ ਔਰੇਂਜ ਅਲਰਟ, ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਪੂਰਬੀ ਮੱਧ ਪ੍ਰਦੇਸ਼, ਉੜੀਸਾ, ਕੇਰਲ, ਕਰਨਾਟਕ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਨਾਗਾਲੈਂਡ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Read More: ਬਿਹਾਰ ਦੇ ਐਸਸੀ-ਐਸਟੀ ਰਿਹਾਇਸ਼ੀ ਸਕੂਲਾਂ ਦੀ 24 ਘੰਟੇ ਕੀਤੀ ਜਾਵੇਗੀ ਨਿਗਰਾਨੀ




