ਚੰਡੀਗੜ੍ਹ, 23 ਨਵੰਬਰ 2024: ਲੋਕ ਸਭਾ ਸਪੀਕਰ ਓਮ ਬਿਰਲਾ (Om Birla) ਨੇ ਕਿਹਾ ਕਿ ਭਾਰਤੀ ਸੰਵਿਧਾਨ ਪੂਰੀ ਦੁਨੀਆ ਲਈ ਮਾਰਗ ਦਰਸ਼ਕ ਹੈ ਅਤੇ ਸਾਨੂੰ ਆਪਣੇ ਸੰਵਿਧਾਨ ‘ਤੇ ਮਾਣ ਹੈ। ਆਪਣੇ ਸੰਵਿਧਾਨ ਦੇ ਗੌਰਵ ਅਤੇ ਸ਼ਾਨ ਦੇ ਆਧਾਰ ‘ਤੇ ਭਾਰਤ ਦੁਨੀਆ ਦੇ ਮੋਹਰੀ ਦੇਸ਼ਾਂ ‘ਚ ਸ਼ੁਮਾਰ ਹੈ। ਸਪੀਕਰ ਓਮ ਬਿਰਲਾ ਅੱਜ ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਸੋਨੀਪਤ ‘ਚ ਸੰਵਿਧਾਨ ਅਜਾਇਬ ਘਰ ਦੇ ਉਦਘਾਟਨ ਤੋਂ ਬਾਅਦ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਅੱਜ ਉਸਾਰਿਆ ਗਿਆ ਭਾਰਤੀ ਸੰਵਿਧਾਨ ਦਾ ਇਹ ਅਜਾਇਬ ਘਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਬਾਅਦ 26 ਨਵੰਬਰ ਨੂੰ ਅਸੀਂ ਸੰਵਿਧਾਨ ਦਿਵਸ ਮਨਾ ਰਹੇ ਹਾਂ। ਇਸ ਦਿਨ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਵਿਦਿਅਕ ਅਦਾਰਿਆਂ ਵਿੱਚ ਪ੍ਰੋਗਰਾਮ ਉਲੀਕੇ ਜਾਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਆਪਣੇ ਸੰਵਿਧਾਨ ਬਾਰੇ ਜਾਣੂ ਕਰਵਾਉਣ ਲਈ ਸਾਲ 2015 ‘ਚ ਇਸ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵਿਰਾਸਤ ਅਤੇ ਯੋਗਦਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਦੇ ਸੰਵਿਧਾਨ ਅਤੇ ਇਸ ਦੇ ਨਿਰਮਾਤਾਵਾਂ ‘ਤੇ ਮਾਣ ਕਰਨਾ ਚਾਹੀਦਾ ਹੈ।
ਉਨ੍ਹਾਂ (Om Birla) ਕਿਹਾ ਕਿ ਸਾਡਾ ਲੋਕਤੰਤਰ ਪੂਰੀ ਦੁਨੀਆ ‘ਚ ਸਭ ਤੋਂ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਦੁਨੀਆਂ ਭਰ ਦੇ ਲੋਕ ਅਪਣਾ ਰਹੇ ਹਨ, ਜੋ ਸਾਡੇ ਲੋਕਤੰਤਰ ਦੀ ਮਜ਼ਬੂਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਦੁਨੀਆ ਨੂੰ ਵਸੁਧੈਵ ਕੁਟੁੰਬਕਮ ਦਾ ਸੰਦੇਸ਼ ਦਿੱਤਾ ਅਤੇ ਅੱਜ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਅਸੀਂ ਇਸ ਸੱਭਿਆਚਾਰ ਨੂੰ ਲੈ ਕੇ ਅੱਗੇ ਵਧ ਰਹੇ ਹਾਂ।
ਇਸ ਮੌਕੇ ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਅਸੀਂ ਗਾਂਧੀ ਜੀ ਦੇ ਵਿਚਾਰਾਂ ‘ਤੇ ਚੱਲ ਕੇ ਦੁਨੀਆ ‘ਚ ਅੱਗੇ ਵੱਧ ਰਹੇ ਹਾਂ ਅਤੇ ਸਾਨੂੰ ਮਾਣ ਹੈ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਵਿਚਾਰਾਂ ਨੂੰ ਹਰ ਖੇਤਰ ‘ਚ ਅਪਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਸਾਨੂੰ ਖੁਸ਼ੀ ਹੈ ਕਿ ਸਾਡੇ ਸੰਵਿਧਾਨ ਕਾਰਨ ਅਸੀਂ ਅੰਤੋਦਿਆ ਦੀ ਭੂਮਿਕਾ ਨੂੰ ਅੱਗੇ ਲੈ ਕੇ ਜਾ ਰਹੇ ਹਾਂ। ਉਨ੍ਹਾਂ ਸੰਵਿਧਾਨ ਅਜਾਇਬ ਘਰ ਦੀ ਉਸਾਰੀ ਲਈ ਸੰਸਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਸੰਸਦ ਮੈਂਬਰ ਨਵੀਨ ਜਿੰਦਲ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਸਾਡਾ ਸੰਵਿਧਾਨ ਸਾਡਾ ਗੌਰਵ ਅਤੇ ਸ਼ਾਨ ਹੈ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਆਜ਼ਾਦੀ, ਏਕਤਾ ਅਤੇ ਸਮਾਜਵਾਦ ਦਾ ਸੰਦੇਸ਼ ਦਿੱਤਾ ਹੈ।
ਇਸ ਮੌਕੇ ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਸਾਡਾ ਦੇਸ਼ ਆਪਣੇ ਸੰਵਿਧਾਨ ਦੀ ਬਦੌਲਤ ਲੋਕਤਾਂਤਰਿਕ ਕਦਰਾਂ-ਕੀਮਤਾਂ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਇਸ ਅਜਾਇਬ ਘਰ ਨਾਲ ਇਹ ਕੋਸ਼ਿਸ਼ ਕੀਤੀ ਹੈ ਕਿ ਅਸੀਂ ਦੇਸ਼ ਵਿੱਚ ਸੰਵਿਧਾਨ ਦੀ ਰਚਨਾ ਤੋਂ ਲੈ ਕੇ ਇਸ ਨੂੰ ਲਾਗੂ ਕਰਨ ਅਤੇ ਵਿਕਾਸ ਤੱਕ ਦੀਆਂ ਸਾਰੀਆਂ ਭਾਵਨਾਵਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਸਾਹਮਣੇ ਪੇਸ਼ ਕਰ ਸਕੀਏ।