Site icon TheUnmute.com

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

District Treasury Offices

ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ (District Treasury Offices) ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ।

ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।

Exit mobile version