CM Bhagwant Mann

Punjab: ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਦੀ ਬਜਾਏ ਮਸਲੇ ਹੱਲ ਕਰੇ ਕੇਂਦਰ ਸਰਕਾਰ: CM ਭਗਵੰਤ ਮਾਨ

ਚੰਡੀਗੜ੍ਹ, 25 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਬੀਤੇ ਦਿਨ ਪੰਜਾਬ ਭਵਨ ਵਿਖੇ ਆਮ ਲੋਕਾਂ ਲਈ ਡਾਇਨਿੰਗ ਹਾਲ ਦਾ ਉਦਘਾਟਨ ਕੀਤਾ | ਇਸ ਦੌਰਾਨ ਸੀਐੱਮ ਨੇ ਕਿਹਾ ਕਿ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਪ੍ਰਤੀ ਉਨ੍ਹਾਂ ਦੀ ਨਿਮਰਤਾ ਅਤੇ ਸਮਰਪਣ ਭਾਵਨਾ ਨੂੰ ਹੋਰ ਵਧਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ‘ਆਪ’ ਨੇ ਇਹ ਤਿੰਨੇ ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਕਾਂਗਰਸ ਤੋਂ ਖੋਹ ਲਈਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਦਾਖਲ ਹੋਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਰਾਜਧਾਨੀ ‘ਚ ਆਉਣ ਦਾ ਪੂਰਾ ਅਧਿਕਾਰ ਹੈ। ਮੁੱਖ ਮੰਤਰੀ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਰੂਸ ਅਤੇ ਯੂਕਰੇਨ ਦੇ ਮਸਲਿਆਂ ਨੂੰ ਸੁਲਝਾਉਣ ਦਾ ਸਿਹਰਾ ਲੈਣਾ ਪਸੰਦ ਕਰਦੇ ਹਨ, ਪਰ ਉਹ ਆਪਣੇ ਦੇਸ਼ ਦੇ ਕਿਸਾਨਾਂ ਦੇ ਮਸਲੇ ਹੱਲ ਕਰਨ ‘ਚ ਅਸਮਰੱਥ ਜਾਪਦੇ ਹਨ।

ਉਨ੍ਹਾਂ (CM Bhagwant Mann) ਕਿਹਾ ਕਿ ਪੰਜਾਬ ‘ਚ ਭਾਰਤਮਾਲਾ ਪ੍ਰੋਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਕਿਸਾਨਾਂ ਦੀਆਂ ਆਪਣੀਆਂ ਚਿੰਤਾਵਾਂ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕੇਂਦਰ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸੁਲਝਾਉਣ ਦੀ ਬਜਾਏ ਕਿਸਾਨਾਂ ਨੂੰ ਡਰਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।

ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰੀ ਰਾਜਧਾਨੀ ‘ਚ ਪਹਿਲਾਂ ਹੀ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਕਰ ਚੁੱਕੀ ਹੈ ਅਤੇ ਹੁਣ ਦਿੱਲੀ ‘ਚ ਇਕ ਵਾਰ ਫਿਰ ‘ਆਪ’ ਦੀ ਸਰਕਾਰ ਬਣਨ ‘ਤੇ ਇਤਿਹਾਸ ਸਿਰਜੇਗੀ।

ਉਨ੍ਹਾਂ ਨੇ ਕਿਹਾ ਸਿਆਸੀ ਪਾਰਟੀਆਂ ਵੱਲੋਂ ਅਪਣਾਏ ਜਾ ਰਹੇ ਫੁੱਟ ਪਾਊ ਦੇ ਏਜੰਡੇ ਦੇਸ਼ ਦੇ ਹਿੱਤ ‘ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ‘ਚ ਹਿੰਸਾ ਦੀਆਂ ਘਟਨਾਵਾਂ ਨਿੰਦਣਯੋਗ ਅਤੇ ਮੰਦਭਾਗੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੁਝ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਨਫਰਤ ਦੀ ਰਾਜਨੀਤੀ ਦਾ ਨਤੀਜਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਵਨ ਦੇ ਏ-ਬਲਾਕ ਵਿੱਚ ਨਵਾਂ ਡਾਇਨਿੰਗ ਹਾਲ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ ਇੱਥੇ ਸਵਾਦਿਸ਼ਟ ਭੋਜਨ ਦਾ ਆਨੰਦ ਲੈਣ ਦਾ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਪ੍ਰਾਹੁਣਚਾਰੀ ਅਤੇ ਸੁਆਦੀ ਪਕਵਾਨਾਂ ਲਈ ਜਾਣਿਆ ਜਾਂਦਾ ਹੈ, ਜੋ ਹੁਣ ਦਿੱਲੀ ਦੇ ਲੋਕਾਂ ਨੂੰ ਉਪਲਬਧ ਹੋਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਛੇਤੀ ਹੀ ਪੰਜਾਬ ਭਵਨ ਦੇ ਬੀ-ਬਲਾਕ ਨੂੰ ਵੀ ਅੱਪਡੇਟ ਕਰਕੇ ਆਮ ਲੋਕਾਂ ਲਈ ਖਾਣ ਪੀਣ ਲਈ ਖੋਲ੍ਹ ਦਿੱਤਾ ਜਾਵੇਗਾ।

Scroll to Top