ਚੰਡੀਗੜ੍ਹ, 2 ਅਗਸਤ 2023: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਯੂ.ਐਸ) ਨੂੰ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਅਯੋਗ ਭਾਵ ਗੈਰ ਪਾਤਰ ਵਿਅਕਤੀਆਂ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਜਾਰੀ ਕਰਵਾਉਣ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਹੈ ਕਿ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਟੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਹਦਾਇਤਾਂ ਮਿਤੀ 14-5-2019 ਅਤੇ 15-7-2019 ਦੇ ਉਪਬੰਧਾਂ ਅਨੁਸਾਰ ਮੁਕੰਮਲ ਪੂਰਵ ਪੜਤਾਲ ਉਪਰੰਤ ਹੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਅਜਿਹਾ ਕੋਈ ਕੇਸ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ, ਤਾਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਲਈ ਤੱਥਾ ਨੂੰ ਵੈਰੀਫਾਈ ਕਰਨ ਵਾਲੇ ਕਰਮਚਾਰੀ/ਵਿਅਕਤੀ ਵਿਰੁੱਧ ਵਿਭਾਗੀ/ਫ਼ੌਜਦਾਰੀ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਗਲਤ ਤੱਥਾਂ ਦੇ ਅਧਾਰ ‘ਤੇ ਬਣਵਾਏ ਗਏ ਹਨ, ਉਨ੍ਹਾਂ ਵਿਰੁੱਧ ਵੀ ਫੌਜਦਾਰੀ ਕਾਰਵਾਈ ਆਰੰਭੀ ਜਾਵੇਗੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਨੇ ਦੱਸਿਆ ਕਿ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਸਿਵਲ ਪੋਸਟਾਂ ਅਤੇ ਸੇਵਾਵਾਂ ਵਿੱਚ ਲਾਗੂ 10 ਫੀਸਦੀ ਰਾਖਵਾਂਕਰਨ ਦਾ ਲਾਭ ਲੈਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਨੰ:1/16/2019- ਰਸ1/116, ਮਿਤੀ 14-5-2019 ਅਤੇ ਨੰ:1/16/2019-ਰਸ1/1523189/1, ਮਿਤੀ 15-7-2019 ਰਾਹੀਂ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।
ਕੈਬਨਿਟ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਸਬੰਧੀ ਹਦਾਇਤਾਂ ਆਮ ਲੋਕਾਂ ਦੇ ਧਿਆਨ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।