July 5, 2024 5:47 am
Joshimath

ਜੋਸ਼ੀਮੱਠ ‘ਚ ਜ਼ਮੀਨ ਖਿਸਕਣ ਕਾਰਨ ਖ਼ਤਰੇ ਵਾਲੇ ਇਲਾਕੇ ‘ਚ ਬਣੀਆਂ ਇਮਾਰਤਾਂ ਨੂੰ ਤੁਰੰਤ ਖਾਲੀ ਕਰਨ ਦੇ ਨਿਰਦੇਸ਼

ਚੰਡੀਗੜ੍ਹ 07 ਜਨਵਰੀ 2023: ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਗਰਾਊਂਡ ਜ਼ੀਰੋ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਨੀਵਾਰ ਨੂੰ ਜੋਸ਼ੀਮੱਠ (Joshimath) ਪਹੁੰਚੇ। ਇਸ ਦੌਰਾਨ ਉਨ੍ਹਾਂ ਇੱਥੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜੋਸ਼ੀਮੱਠ ਸਬੰਧੀ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਜੋਸ਼ੀਮੱਠ ‘ਚ ਜ਼ਮੀਨ ਖਿਸਕਣ ਦੇ ਮੁੱਦੇ ‘ਤੇ ਉੱਚ ਪੱਧਰੀ ਬੈਠਕ ਬੁਲਾਈ।

ਮੁੱਖ ਮੰਤਰੀ ਨੇ ਜੋਸ਼ੀਮੱਠ ਜ਼ਮੀਨ ਖਿਸਕਣ ਕਾਰਨ ਖ਼ਤਰੇ ਵਾਲੇ ਖੇਤਰ ਵਿੱਚ ਬਣੀਆਂ ਇਮਾਰਤਾਂ ਨੂੰ ਤੁਰੰਤ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸਾਰਿਆਂ ਨੂੰ ਕਮਜ਼ੋਰ ਥਾਵਾਂ ਤੋਂ ਪੜਾਅਵਾਰ ਸ਼ਿਫਟ ਕੀਤਾ ਜਾਵੇਗਾ।

ਮੁੱਖ ਮੰਤਰੀ ਰਾਜ ਸਕੱਤਰੇਤ ਵਿਖੇ ਜੋਸ਼ੀਮੱਠ (Joshimath) ਵਿੱਚ ਜ਼ਮੀਨ ਖਿਸਕਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈ ਰਹੇ ਸਨ। ਧਾਮੀ ਨੇ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਜੋਸ਼ੀਮੱਠ ਗਈ ਮਾਹਰ ਟੀਮ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੁਰੱਖਿਅਤ ਥਾਂ ‘ਤੇ ਵੱਡਾ ਅਸਥਾਈ ਮੁੜ ਵਸੇਬਾ ਕੇਂਦਰ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੌਰੀ ਕਾਰਜ ਯੋਜਨਾ ਦੇ ਨਾਲ-ਨਾਲ ਖ਼ਤਰੇ ਵਾਲੇ ਖੇਤਰਾਂ ਦੇ ਟਰੀਟਮੈਂਟ, ਸੀਵਰੇਜ ਅਤੇ ਡਰੇਨੇਜ ਵਰਗੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਕੰਮਾਂ ਵਿੱਚ ਲੰਮੀ ਪ੍ਰਕਿਰਿਆ ਨੂੰ ਖਤਮ ਕੀਤਾ ਜਾਵੇ।