ਮੋਗਾ, 23 ਨਵੰਬਰ 2026: ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ 2026 ਨੂੰ ਹੋਣ ਵਾਲੇ ਵਿਸ਼ਾਲ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮਾਗਮ ਵਾਲੀ ਥਾਂ ’ਤੇ ਪਹੁੰਚੇ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਕੁਲਦੀਪ ਸਿੰਘ ਨੇ ਵੱਖ-ਵੱਖ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਪ੍ਰਬੰਧਕ ਟੀਮਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵੀ ਮੌਜੂਦ ਰਹੇ।
ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਵਿਕਾਸ ਦੇ ਖੇਤਰ ‘ਚ ਅਹਿਮ ਕੰਮ ਕੀਤੇ ਹਨ।
ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ, ਮੁਫ਼ਤ ਬੱਸ ਸਫ਼ਰ, 300 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਵਰਗੇ ਫੈਸਲੇ ਲੋਕਾਂ ਦੇ ਹਿੱਤ ‘ਚ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ 26 ਨਵੰਬਰ ਦਾ ਸਮਾਗਮ ਇੱਕ ਵਿਸ਼ਾਲ ਜਨਸਭਾ ਹੋਵੇਗੀ।
ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਵਿੱਚ ਟਿਕਟਾਂ ਨੂੰ ਲੈ ਕੇ ਆਪਸੀ ਖਿੱਚੋਤਾਣ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਮ ਪਰਿਵਾਰਾਂ ‘ਚੋਂ ਆਉਂਦੇ ਹਨ, ਜਦਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ‘ਚ ਪਰਿਵਾਰਵਾਦ ਦੀ ਰਾਜਨੀਤੀ ਦੇਖਣ ਨੂੰ ਮਿਲਦੀ ਹੈ।
ਈਡੀ ਦੀ ਕਾਰਵਾਈ ਬਾਰੇ ਬੋਲਦਿਆਂ ਉਨ੍ਹਾਂ ਦੋਸ਼ ਲਾਇਆ ਕਿ ਈਡੀ ਅਤੇ ਸੀਬੀਆਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੀਆਂ ਹਨ ਅਤੇ ਭਾਜਪਾ ਆਪਣੇ ਵੋਟ ਬੈਂਕ ਦੀ ਰਾਜਨੀਤੀ ਲਈ ਇਨ੍ਹਾਂ ਏਜੰਸੀਆਂ ਰਾਹੀਂ ਲੋਕਾਂ ਨੂੰ ਡਰਾਉਣ ਦਾ ਕੰਮ ਕਰ ਰਹੀ ਹੈ।
Read More: ਮੋਗਾ ਤੋਂ ਲੁਧਿਆਣਾ ਲਈ ਨਿਕਲਿਆ ਇੱਕ ਜੋੜਾ ਅਚਾਨਕ ਗਾਇਬ, ਪੁਲਿਸ ਵੱਲੋਂ ਜਾਂਚ ਸ਼ੁਰੂ




