ਚੰਡੀਗੜ੍ਹ, 18 ਫਰਵਰੀ 2024: ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ।
ਕੇਂਦਰ ਸਰਕਾਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ (Internet services) ਨੂੰ ਬੰਦ ਕਰ ਦਿੱਤਾ ਹੈ। ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਬੈਠਕ ਹੋਵੇਗੀ, ਇਸ ਤੋਂ ਪਹਿਲਾਂ 3 ਬੈਠਕਾਂ (8, 12 ਅਤੇ 15 ਫਰਵਰੀ) ਬੇ-ਨਤੀਜਾ ਰਹੀਆਂ ਸਨ। ਇਸ ਬੈਠਕ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਸੱਦੀ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 19 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ (Internet services) ਬੰਦ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਸ਼ਾਮਲ ਹਨ।
ਜਦੋਂ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਚੱਲ ਰਹੇ 21 ਟੋਲ ਫਰੀ ਰਹਿਣਗੇ। ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਧਰਨੇ ‘ਤੇ ਬੈਠੇ ਹਨ।