ਜ਼ਾਵੀਆ

ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਪੁਸਤਕ ‘ਜ਼ਾਵੀਆ’ ਲੋਕ ਅਰਪਣ

ਲੁਧਿਆਣਾ, 13 ਸਤੰਬਰ 2023: ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ‘ਜ਼ਾਵੀਆ’ ਨੂੰ ਲੋਕ ਅਰਪਿਤ ਕੀਤਾ ਗਿਆ। ਇਕਬਾਲ ਸਿੰਘ ਲਾਲਪੁਰਾ ਨੇ ਇਸ ਮੌਕੇ ਉੱਪਰ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਉਹ ਆਪਣੀ ਜ਼ਿੰਦਗੀ ਪ੍ਰਤੀ, ਆਪਣੇ ਆਸ-ਪਾਸ ਦੇ ਲੋਕਾਂ ਅਤੇ ਵਰਤਾਰਿਆਂ ਪ੍ਰਤੀ ਆਪਣੇ ਜ਼ਾਵੀਏ ਨੂੰ ਦਰੁਸਤ ਕਰੇ ।

ਉਹਨਾਂ ਕਿਹਾ ਮਨੁੱਖ ਦੀਆਂ ਵਧੇਰੇ ਕਰਕੇ ਸਮਸਿਆਵਾਂ ਦੀ ਮੂਲ ਜੜ੍ਹ ਉਸ ਦਾ ਨਾਕਾਰਾਤਮਕ ਦਿ੍ਸਟੀਕੋਣ ਹੁੰਦਾ ਹੈ ਅਤੇ ਜੇਕਰ ਮਨੁੱਖ ਆਪਣੇ ਨੁਕਤਾ-ਏ-ਨਜ਼ਰ ਨੂੰ ਸਾਕਾਰਾਤਮਕ ਰੱਖਣ ਦਾ ਯਤਨ ਕਰੇ ਤਾਂ ਉਹ ਨਿਸ਼ਚਿਤ ਤੌਰ ਉੱਪਰ ਹਰ ਮੈਦਾਨ ਫ਼ਤਿਹ ਕਰ ਸਕਦਾ ਹੈ। ਉਹਨਾਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਲੇਖਕ ਵਲੋਂ ਜੀਵਨ ਦੀਆਂ ਡੂੰਘੀਆਂ ਰਮਜ਼ਾਂ ਅਤੇ ਬੁਨਿਆਦੀ ਕਦਰਾਂ ਕੀਮਤਾਂ ਪ੍ਰਤੀ ਮਨੁੱਖੀ ਸਮਝ ਨੂੰ ਬੇਹਤਰ ਬਣਾਉਣ ਦੇ ਮਕਸਦ ਨਾਲ ਇਹ ਪੁਸਤਕ ਲਿਖੀ ਗਈ ਹੈ ।

ਉਹਨਾਂ ਨੇ ਇਸ ਗੱਲ ਦਾ ਵੀ ਵਿਸ਼ੇਸ਼ ਤੌਰ ਉੱਪਰ ਉਲੇਖ ਕੀਤਾ ਕਿ ਇਹ ਪੁਸਤਕ ਅਜੌਕੀ ਪੀੜ੍ਹੀ ਨੂੰ ਜੀਵਨ ਵਿੱਚ ਉਸਾਰੂ ਤੇ ਸਾਰਥਕ ਸੋਚ ਨੂੰ ਅਪਣਾਉਣ, ਆਪਣੇ ਉਜਵਲ ਭਵਿੱਖ ਲਈ ਸੁਪਨੇ ਸਿਰਜਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਹਾਂ ਪੱਖੀ ਬਿਰਤੀ ਨੂੰ ਅਪਣਾਉਣ ਦੇ ਨਾਲ ਨਾਲ ਸੰਕਰੀਨ ਤੇ ਨਾਂਹ ਪੱਖੀ ਸੋਚ ਨੂੰ ਤਿਲਾਂਜਲੀ ਦੇਣ ਸਬੰਧੀ ਪ੍ਰੇਰਿਤ ਕਰੇਗੀ ।

ਉਨ੍ਹਾਂ ਨੇ ਇਸ ਦੀ ਤਰ੍ਹਾਂ ਦੀ ਕਿਤਾਬ ਨੂੰ ਵਰਤਮਾਨ ਸਮੇਂ ਦੀ ਇਕ ਅਹਿਮ ਲੋੜ ਦੱਸਿਆ ਹੈ। ਉਹਨਾਂ ਨੇ ਡਾ. ਅਰਵਿੰਦਰ ਸਿੰਘ ਭੱਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੁਸਤਕ ਵਿਚ ਡਾ. ਭੱਲਾ ਨੇ ਬਜ਼ੁਰਗ, ਦਾਨਿਸ਼ਵਰ, ਮੁਰਸ਼ਦ, ਮੁਰੀਦ, ਸ਼ਿਸ਼, ਗੁਰੂਦੇਵ, ਫ਼ਕੀਰ, ਜਗਿਆਸੂ, ਸਾਈਂ, ਵਲੀ, ਜੋਗੀ, ਕਰਮਯੋਗੀ ਜਿਹੇ ਪਾਤਰਾਂ ਰਾਹੀਂ ਜੀਵਨ ਦੀਆਂ ਤਲਖ਼ ਹਕੀਕਤਾਂ ਨਾਲ ਨਜਿੱਠਣ ਦੇ ਢੰਗ ਬੜੇ ਸੌਖੇ ਅਤੇ ਸਰਲ ਢੰਗ ਪੇਸ਼ ਕੀਤੇ ਗਏ ਹਨ ।

ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਆਪਣੀ ਪੁਸਤਕ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਿਲ ਲਲਿਤ ਨਿਬੰਧ ਇਨਸਾਨ ਨੂੰ ਦਰਪੇਸ਼ ਚਣੌਤੀਆਂ, ਮੁਸ਼ਕਿਲਾਂ, ਤ੍ਰਾਸਦੀਆਂ ਆਦਿ ਦੇ ਸਨਮੁੱਖ ਸੰਘਰਸ਼ ਕਰਨ ਨੂੰ ਤਰਜੀਹ ਦਿੰਦੇ ਹਨ ਅਤੇ ਮਨੁੱਖ ਅੰਦਰ ਹੌਸਲਾ, ਹਿੰਮਤ ਤੇ ਚੜਦੀ ਕਲਾ ਦੀ ਭਾਵਨਾ ਪੈਦਾ ਕਰਦੇ ਹਨ।

ਉਹਨਾਂ ਨੇ ਇਸ ਗੱਲ ਦਾ ਇਥੇ ਵਿਸ਼ੇਸ਼ ਤੌਰ ਉੱਪਰ ਜ਼ਿਕਰ ਕੀਤਾ ਕਿ ਇਸ ਪੁਸਤਕ ਦਾ ਮੁੱਖਬੰਧ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਉੱਪਰ ਲਿਖਿਆ ਹੈ। ਡਾ. ਅਰਵਿੰਦਰ ਸਿੰਘ ਭੱਲਾ ਨੇ ਇਹ ਵੀ ਦੱਸਿਆ ਕਿ ਇਹ ਪੁਸਤਕ ਮਨੁੱਖ ਅੰਦਰਲੀਆਂ ਬੁਰਾਈਆਂ ਦੀ ਨਿਸ਼ਾਨਦੇਹੀ ਕਰਕੇ ਉਸ ਨੂੰ ਨੈਤਿਕਤਾ ਜਾਂ ਆਦਰਸ਼ਵਾਦ ਦੇ ਰਾਹ ਉੱਪਰ ਚੱਲਣ ਲਈ ਪ੍ਰੇਰਦੀ ਹੈ ।

ਆਧੁਨਿਕ ਮਨੁੱਖ ਜੋ ਕਿ ਈਰਖਾ, ਹੰਕਾਰ, ਨਫ਼ਰਤ, ਸੌੜੀ ਸੋਚ, ਬਦਲਾਖੋਰੀ, ਪਸ਼ੂ-ਬਿਰਤੀ, ਡਰ, ਚਿੰਤਾ, ਅਸੁਰੱਖਿਆ, ਆਦਿ ਪ੍ਰਵਿਰਤੀਆਂ ਦੇ ਪ੍ਰਭਾਵ ਹੇਠ ਜਿਉਂਣ ਲਈ ਮਜਬੂਰ ਦਿਖਾਈ ਦੇ ਰਿਹਾ ਹੈ, ਉਹ ਇਖ਼ਲਾਕੀ ਕਦਰਾਂ ਕੀਮਤਾਂ ਨੂੰ ਅਮਲੀ ਜੀਵਨ ਵਿੱਚ ਅਪਣਾਉਣ ਦੀ ਬਜਾਏ ਬਦਕਿਸਮਤੀ ਨਾਲ ਆਪਣੇ ਵਿਵਹਾਰਿਕ ਜੀਵਨ ‘ਚੋਂ ਬਾਹਰ ਕੱਢ ਰਿਹਾ ਹੈ। ਸਿੱਟੇ ਵਜੋਂ ਉਸ ਦੀ ਜ਼ਿੰਦਗੀ ਵਿਚੋਂ ਸਹਿਜ, ਸੁਹਜ, ਸਬਰ, ਸੁਹਿਰਦਤਾ ਅਤੇ ਸੰਤੋਖ ਮਨਫੀ ਹੋ ਰਿਹਾ ਹੈ।

ਉਨ੍ਹਾਂ ਇਸ ਪੁਸਤਕ ਨੂੰ ਲਿਖਣ ਵਿਚ ਸਹਿਯੋਗ ਅਤੇ ਮਾਰਗਦਰਸ਼ਨ ਦੇਣ ਲਈ ਡਾ. ਸ. ਪ. ਸਿੰਘ, ਸਾਬਕਾ ਉੱਪ ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਧੰਨਵਾਦ ਕੀਤਾ। ਇਥੇ ਇਹ ਗੱਲ ਵਿਸ਼ੇਸ਼ ਤੌਰ ਉਪਰ ਜ਼ਿਕਰਯੋਗ ਹੈ ਕਿ ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਆਪਣੀਆਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਨਾਲ ਨਾਲ ਖੋਜ ਕਾਰਜਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ । ਹੁਣ ਤੱਕ ਉਨ੍ਹਾਂ ਵੱਲੋਂ ਪੰਦਰਾਂ ਕਿਤਾਬਾਂ ਅਤੇ ਅੱਸੀਂ ਤੋਂ ਵੱਧ ਖੋਜ ਪਰਚੇ ਲਿਖੇ ਜਾਣ ਦੇ ਨਾਲ ਨਾਲ ਦੋ ਖੋਜ ਪ੍ਰਾਜੈਕਟ ਸਫਲਤਾਪੂਰਵਕ ਮੁਕੰਮਲ ਕੀਤੇ ਜਾ ਚੁੱਕੇ ਹਨ |

Scroll to Top