Site icon TheUnmute.com

24 ਹਜ਼ਾਰ ਕਿੱਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ ਸਿੰਜਾਈ ਲੋੜਾਂ ਕੀਤੀਆਂ ਪੂਰੀਆਂ: ਚੇਤਨ ਸਿੰਘ ਜੌੜਾਮਾਜਰਾ

Chetan Singh jouramajra

ਚੰਡੀਗੜ੍ਹ, 7 ਅਗਸਤ 2024: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh jouramajra) ਨੇ ਦੱਸਿਆ ਕਿ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ ਭੂਮੀ ਤੇ ਜਲ ਸੰਭਾਲ ਵਿਭਾਗ ਨੇ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਮਿਲੇਗਾ |

ਜੌੜਾਮਾਜਰਾ (Chetan Singh jouramajra) ਨੇ ਦੱਸਿਆ ਕਿ ਇਸ ਤਹਿਤ ਕਿਸਾਨ ਸਮੂਹਾਂ ਲਈ 90 ਫੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਮੁਹੱਈਆਂ ਕਰਵਾਈਆਂ ਜਾ ਰਹੀ ਹੈ | ਖੇਤੀਬਾੜੀ ਲਈ ਜਲ ਸਿੰਜਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਹੈ | ਇਸ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ 15914 ਖਾਲ ਬਹਾਲ ਕੀਤੇ ਹਨ | ਚਾਰ ਦਹਾਕਿਆਂ ‘ਚ ਪਹਿਲੀ ਵਾਰ 20 ਨਹਿਰਾਂ ‘ਚੋਂ ਪਾਣੀ ਆਇਆ ਹੈ | ਜਿਸਦੇ ਕਰਕੇ 916 ਮਾਈਨਰਾਂ ਅਤੇ ਖਾਲਿਆਂ ‘ਚ ਪਾਣੀ ਆਇਆ ਹੈ। ਜੌੜਾਮਾਜਰਾ ਨੇ ਦੱਸਿਆ ਕਿ ਕੁਝ ਖੇਤਰਾਂ ਨੂੰ ਤਾਂ 35 ਤੋਂ 40 ਸਾਲਾਂ ਬਾਅਦ ਸਿੰਜਾਈ ਲਈ ਪਾਣੀ ਮਿਲਿਆ ਹੈ | ਉਨ੍ਹਾਂ ਨੇ ਪੰਜਾਬ ਦੇ ਡਾਰਕ ਜ਼ੋਨ ਅਧੀਨ 150 ‘ਚੋਂ 114 ਬਲਾਕ ਹੋਣ ਅਤੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੀ ਕਮੀ ਦੇ ਗੰਭੀਰ ਮੁੱਦੇ ਬਾਰੇ ਗੱਲਬਾਤ ਕੀਤੀ |

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਬਦਲਵੀਂ ਵਰਤੋਂ ਨੂੰ ਉਤਸਾਹਿਤ ਕਰਨ ਲਈ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 300 MLD (ਮਿਲੀਅਨ ਲੀਟਰ ਪ੍ਰਤੀ ਦਿਨ) ਪਾਣੀ ਦੀ ਸਿੰਜਾਈ ਲਈ 28 ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਸਦੇ ਨਾਲ ਹੀ 125 ਪਿੰਡਾਂ ‘ਚ ਸੋਲਰ-ਲਿਫਟ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਹਨ ਤਾਂ ਜੋ ਸਿੰਜਾਈ ਲਈ ਛੱਪੜ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਮਿੱਟੀ ਦੇ ਖੁਰਣ ਨੂੰ ਰੋਕਣ ਤੇ ਹੜ੍ਹਾਂ ਤੋਂ ਬਚਾਅ ਲਈ 160 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਢਾਂਚੇ ਤੇ ਚੈਕ ਡੈਮ ਬਣਾਏ ਗਏ ਹਨ। ਸਰਕਾਰ ਨੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਨੈਟਵਰਕ ਦੇ ਵਿਸਥਾਰ ਲਈ ਨਾਬਾਰਡ ਦੇ 277.57 ਕਰੋੜ ਰੁਪਏ ਦੀ ਫੰਡਿੰਗ ਵਾਲੇ ਦੋ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ, ਜਿਸ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਹੋਵੇਗਾ।

Exit mobile version