July 7, 2024 5:34 pm
Kila Raipur

ਕਿਲ੍ਹਾ ਰਾਏਪੁਰ ‘ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ: ਅਨਮੋਲ ਗਗਨ ਮਾਨ

ਕਿਲ੍ਹਾ ਰਾਏਪੁਰ (ਲੁਧਿਆਣਾ), 04 ਫਰਵਰੀ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ (Kila Raipur Games) ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਏਗੀ।

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੇ 83ਵੇਂ ਐਡੀਸ਼ਨ ਵਿੱਚ ਭਾਗ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ (Kila Raipur Games) ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਬੇਹੱਦ ਰੋਮਾਂਚ ਅਤੇ ਖਿੱਚ ਦਾ ਕੇਂਦਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਥੇ ਬੈਲਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਸਾਰੀਆਂ ਕਾਨੂੰਨੀ ਪੇਚੀਦਗੀਆਂ ਅਤੇ ਹੋਰ ਪਹਿਲੂਆਂ ਨੂੰ ਦੂਰ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਸ ਲਈ ਚੰਗੀ ਕਾਨੂੰਨੀ ਸਲਾਹ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ।

ਕਿਹਾ ਕਿ ਸਟੇਡੀਅਮ ਵਿੱਚ ਐਸਟਰੋਟਰਫ ਅਤੇ ਫਲੱਡ ਲਾਈਟਾਂ ਦੀ ਮੰਗ ‘ਤੇ ਮਾਨ ਨੇ ਪ੍ਰਬੰਧਕਾਂ ਨੂੰ ਇਸ ਸਬੰਧੀ ਪ੍ਰਸਤਾਵ ਭੇਜਣ ਲਈ ਕਿਹਾ ਅਤੇ ਇਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ 1.5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।