ਚੰਡੀਗੜ੍ਹ, 29 ਦਸੰਬਰ 2023: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ (Raghav Chadha) ਨੂੰ ਰਾਜ ਸਭਾ ਵਿੱਚ ਪਾਰਟੀ ਦਾ ਅੰਤਰਿਮ ਆਗੂ ਬਣਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਇਹ ਮੰਗ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ। ਸੂਤਰਾਂ ਮੁਤਾਬਕ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕੇਜਰੀਵਾਲ ਨੂੰ ਭੇਜੇ ਪੱਤਰ ‘ਚ ਕਿਹਾ ਹੈ ਕਿ ‘ਬੇਨਤੀ ਸਵੀਕਾਰ ਨਹੀਂ ਕੀਤੀ ਗਈ ਕਿਉਂਕਿ ਇਹ ਕਾਨੂੰਨੀ ਪ੍ਰਣਾਲੀ ਦੇ ਮੁਤਾਬਕ ਨਹੀਂ ਹੈ।’
ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿਚ ਰਾਜ ਸਭਾ ਦੇ ਚੇਅਰਮੈਨ ਨੂੰ ਅਪੀਲ ਕੀਤੀ ਸੀ ਕਿ ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਰਾਜ ਸਭਾ ਆਗੂ ਸੰਜੇ ਸਿੰਘ ਨਿਆਂਇਕ ਹਿਰਾਸਤ ਵਿਚ ਹਨ, ਇਸ ਲਈ ਰਾਘਵ ਚੱਢਾ (Raghav Chadha) ਨੂੰ ਸਦਨ ਵਿਚ ਪਾਰਟੀ ਦਾ ਆਗੂ ਬਣਾਇਆ ਜਾਵੇ। ਫਿਲਹਾਲ ਰਾਜ ਸਭਾ ‘ਚ ਪਾਰਟੀ ਦੇ ਆਗੂ ਸੰਜੇ ਸਿੰਘ ਬਣੇ ਰਹਿਣਗੇ। ਸੰਜੇ ਸਿੰਘ ਇਸ ਸਮੇਂ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਜੇਲ੍ਹ ਵਿੱਚ ਹਨ। ਸੰਸਦ ਦੇ ਉਪਰਲੇ ਸਦਨ ਵਿੱਚ ਆਮ ਆਦਮੀ ਪਾਰਟੀ ਦੇ 10 ਮੈਂਬਰ ਹਨ। ਭਾਜਪਾ, ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ ਇਸ ਵੇਲੇ ਰਾਜ ਸਭਾ ਵਿੱਚ ਮੈਂਬਰਾਂ ਦੀ ਗਿਣਤੀ ਦੇ ਮਾਮਲੇ ਵਿੱਚ ਚੌਥੀ ਸਭ ਤੋਂ ਵੱਡੀ ਪਾਰਟੀ ਹੈ।