July 6, 2024 6:52 pm
Jagdish Tytler

ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 04 ਅਗਸਤ 2023: 1984 ਦੇ ਸਿੱਖ ਕਤਲੇਆਮ ਮਾਮਲੇ ਦੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ (Jagdish Tytler) ਨੂੰ ਸ਼ੁੱਕਰਵਾਰ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 1 ਅਗਸਤ ਨੂੰ ਰਾਊਜ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਟਾਈਟਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 4 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਤੱਕ ਸੁਰੱਖਿਅਤ ਰੱਖ ਲਿਆ ਸੀ। ਮੈਜਿਸਟਰੇਟ ਅਦਾਲਤ ਵੱਲੋਂ ਜਾਰੀ ਸੰਮਨ ਅਨੁਸਾਰ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣਾ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਵਿਕਾਸ ਢੁਲ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸੀਬੀਆਈ ਨੇ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਦਾ ਵਿਰੋਧ ਕੀਤਾ ਸੀ ।

ਸੀਬੀਆਈ ਦੇ ਵਕੀਲ ਐਚਐਸ ਫੂਲਕਾ ਨੇ ਕਿਹਾ ਸੀ ਕਿ ਗਵਾਹਾਂ ਨੇ ਵੱਡੀ ਹਿੰਮਤ ਦਿਖਾਉਂਦੇ ਹੋਏ ਅੱਗੇ ਆਏ ਹਨ ਅਤੇ ਉਨ੍ਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਨਵੇਂ ਗਵਾਹਾਂ ਦੇ ਬਿਆਨਾਂ ਅਨੁਸਾਰ ਇਸ ਕੇਸ ਵਿੱਚ ਜਗਦੀਸ਼ ਟਾਈਟਲਰ ਦੀ ਭੂਮਿਕਾ ਸਾਹਮਣੇ ਆਉਂਦੀ ਹੈ। ਫੂਲਕਾ ਨੇ ਕਿਹਾ ਕਿ ਟਾਈਟਲਰ (Jagdish Tytler) ਨੇ ਉਨ੍ਹਾਂ ਨੂੰ ਲਾਈਵ ਟੀਵੀ ‘ਤੇ ਵੀ ਧਮਕੀ ਦਿੱਤੀ ਹੈ। ਗਵਾਹਾਂ ਨੂੰ ਹੀ ਨਹੀਂ ਸਗੋਂ ਵਕੀਲਾਂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਫੂਲਕਾ ਨੇ ਕਿਹਾ ਕਿ ਜਗਦੀਸ਼ ਟਾਈਟਲਰ ਪ੍ਰਭਾਵਸ਼ਾਲੀ ਵਿਅਕਤੀ ਹੈ, ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਜ਼ਮਾਨਤ ‘ਤੇ ਵਿਚਾਰ ਕਰਦੇ ਸਮੇਂ ਅਦਾਲਤ ਨੂੰ ਮਾਮਲੇ ਦੀ ਗੰਭੀਰਤਾ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਅੱਜ ਐਚ.ਐੱਸ ਫੂਲਕਾ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇ ਦਿੱਤੀ ਹੈ। ਅਸੀਂ ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵਾਂਗੇ।

ਦੱਸ ਦਈਏ ਕਿ 1 ਅਗਸਤ ਨੂੰ ਸੈਸ਼ਨ ਕੋਰਟ ਨੇ ਟਾਈਟਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸਦੇ ਨਾਲ ਹੀ ਮਾਮਲੇ ਦੀ ਸੁਣਵਾਈ 2 ਅਗਸਤ ਲਈ ਸੂਚੀਬੱਧ ਕੀਤੀ ਗਈ। ਪਿਛਲੇ ਹਫ਼ਤੇ ਅਦਾਲਤ ਨੇ ਟਾਈਟਲਰ ਨੂੰ ਸੰਮਨ ਜਾਰੀ ਕਰਦਿਆਂ ਉਸ ਨੂੰ ਸਿੱਖ ਕਤਲੇਆਮ ਨਾਲ ਸਬੰਧਤ ਪੁਲ ਬੰਗਸ਼ ਇਲਾਕੇ ਵਿੱਚ ਕਥਿਤ ਕਤਲਾਂ ਦੇ ਮਾਮਲੇ ਵਿੱਚ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।