ਚੰਡੀਗੜ੍ਹ, 01 ਜਨਵਰੀ 2025: ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ ਸਾਲ ਫਰਵਰੀ ਤੋਂ ਕਿਸਾਨ ਅੰਦੋਲਨ ਜਾਰੀ ਹੈ | ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵੀ ਜਾਰੀ ਹੈ ।
ਇਸ ਦੌਰਾਨ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਅਹਿਮ ਬੈਠਕ ਹੋਈ। ਬੈਠਕ ‘ਚ ਫੈਸਲਾ ਕੀਤਾ ਗਿਆ ਹੈ ਕਿ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਸ਼ੰਭੂ ਬਾਰਡਰ ਵਿਖੇ ਮਨਾਇਆ ਜਾਵੇਗਾ। ਇਸ ‘ਚ ਕਿਸਾਨ ਜਥੇਬੰਦੀਆਂ ਆਪਣੇ ਕਾਡਰਾਂ ਸਮੇਤ ਭਾਗ ਲੈਣਗੀਆਂ।
ਕਿਸਾਨਾ ਆਗੂਆਂ ਨੇ ਅਪੀਲ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਸਰਦ ਰੁੱਤ ਇਜਲਾਸ ‘ਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕੀਤਾ ਜਾਵੇ। ਪੰਜਾਬ ਸਰਕਾਰ ਕਿਸਾਨਾਂ ਦੀਆਂ ਹੋਰ 13 ਮੰਗਾਂ ਦੇ ਹੱਕ ‘ਚ ਮਤਾ ਪਾਸ ਕਰੇ। ਕਿਸਾਨਾਂ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ |
ਜਿਕਰਯੋਗ ਹੈ ਕਿ ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਹਾਲਾਂਕਿ ਮਰਨ ਵਰਤ ‘ਤੇ ਬੈਠੇਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।ਇਸਦੇ ਨਾਲ ਹੀ 4 ਜਨਵਰੀ 2025 ਨੂੰ ਕਿਸਾਨਾਂ ਦੀ ਵੱਲੋਂ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂ ਅਭਿਮਨਿਊ ਕੋਹਾੜ ਮੁਤਾਬਕ ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ 76/44 ਤੱਕ ਡਿੱਗ ਗਿਆ ਸੀ, ਜੋ ਕਿ ਬਹੁਤ ਚਿੰਤਾਜਨਕ ਹੈ।