ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਕੱਲ੍ਹ ਪ੍ਰੋਡਕਸ਼ਨ ਵਾਰੰਟ ‘ਤੇ ਚੰਡੀਗੜ੍ਹ ਲਿਆਂਦਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਹਵਾਰਾ ਨੂੰ 2005 ਦੇ ਮਾਮਲੇ ‘ਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾ ਰਿਹਾ ਹੈ।
ਜਾਣਕਾਰੀ ਸਾਹਮਣੇ ਆ ਰਹੀ ਕਿ ਨਵੰਬਰ ਵਿੱਚ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਨੇ ਹਵਾਰਾ ਦੇ 17 ਦਸੰਬਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ। ਹਵਾਰਾ ‘ਤੇ 2005 ‘ਚ ਸੂਬੇ ਵਿਰੁੱਧ ਜੰਗ ਛੇੜਨ ਦੇ ਦੋ ਮਾਮਲੇ ਦਰਜ ਹਨ। ਨਵੰਬਰ ਵਿੱਚ ਅਦਾਲਤ ਨੇ ਕਿਹਾ ਸੀ ਕਿ ਜੇਕਰ ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੋਈ ਮੁਕੱਦਮਾ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਤਾਂ ਜੋ ਉਸ ਖ਼ਿਲਾਫ ਮੁਕੱਦਮਾ ਅੱਗੇ ਵਧ ਸਕੇ।
ਜ਼ਿਕਰਯੋਗ ਹੈ ਕਿ ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਵਿਰੋਧ ਜਤਾਇਆ ਹੈ। ਸ਼ਾਂਡਿਲਿਆ ਨੇ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ ਕਰਨ ਦੀ ਮੰਗ ਕੀਤੀ ਸੀ। ਪੰਜਾਬ ਵਿੱਚ ਪਹਿਲਾਂ ਹੀ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ। ਹਵਾਰਾ ਨੂੰ ਦਿੱਲੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਹੀ ਰੱਖਿਆ ਜਾਣਾ ਚਾਹੀਦਾ ਹੈ।