ਚੰਡੀਗੜ੍ਹ 1 ਦਸੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਡੇਂਗੂ ਹੋ ਗਿਆ ਹੈ ਤੇ ਉਸਦੀ ਹਾਲਤ ਗੰਭੀਰ ਹੋਣ ਮਗਰੋਂ ਉਸ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਹਵਾਰਾ ਕਮੇਟੀ ਦੇ ਕਨਵੀਨਰ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਹਵਾਰਾ ਦਾ ਪਹਿਲਾਂ ਤਿਹਾੜ ਜੇਲ੍ਹ ਦੇ ਅੰਦਰ ਹੀ ਇਲਾਜ ਚਲ ਰਿਹਾ ਸੀ। ਉਸਦੇ ਸਰੀਰ ‘ਚ ਸੈਲ ਘੱਟ ਕੇ ਸਿਰਫ 40 ਹਜ਼ਾਰ ਰਹਿ ਗਏ ਹਨ ਤੇ ਹਾਲਤ ਗੰਭੀਰ ਹੋਣ ਮਗਰੋਂ ਉਸ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਸ਼ਿਫਟ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਅਸੀਂ ਇਸ ਮਾਮਲੇ ਵਿਚ ਮਦਦ ਵਾਸਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਹੈ ਪਰ ਉਹਨਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ।
ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ 1 ਦਸੰਬਰ ਨੂੰ ਦੁਪਹਿਰ 1.30 ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਵਾਰਾ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਜਾਵੇਗੀ ਤੇ ਫਿਰ ਅੰਮ੍ਰਿਤਸਰ ਵਿਚ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।ਯਾਦ ਰਹੇ ਕਿ 2015 ਵਿਚ ਤਰਨਤਾਰਨ ਜ਼ਿਲ੍ਹੇ ਵਿਚ ਹੋਏ ਸਰਬੱਤ ਖਾਲਸਾ ਨੇ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਜਨਵਰੀ 19, 2025 8:35 ਪੂਃ ਦੁਃ