ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਵੇਰੇ 9 ਵਜੇ ਤੱਕ 5.21 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੋਲਿੰਗ ਸਟੇਸ਼ਨਾਂ ‘ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ ਨੇ ਜਿੱਤ ਲਈ ਆਪਣਾ ਜ਼ੋਰ ਲਗਾਇਆ ਹੋਇਆ ਹੈ।
‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਲੰਧਰ (Jalandhar) ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਪੰਜਾਬ ਨੂੰ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰ ਰਹੇ ਹਨ, ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ ਬਣਨੇ ਸ਼ੁਰੂ ਹੋ ਗਏ ਹਨ। ਸਰਕਾਰ ਨੇ ਇੱਕ ਸਾਲ ਵਿੱਚ ਜ਼ੋਰਦਾਰ ਕੰਮ ਕੀਤਾ ਹੈ।ਇਸਦੇ ਨਾਲ ਹੀ ਉਨ੍ਹਾਂ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਆਪ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।