ਜਲੰਧਰ, 8 ਮਈ 2023: ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ (Jalandhar by-election) ਦੌਰਾਨ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ। ਚੋਣ ਅਮਲੇ ਨੂੰ ਪੋਲਿੰਗ ਬੂਥ ਅਲਾਟ ਕਰਨ ਲਈ ਰੈਂਡਮਾਈਜ਼ੇਸ਼ਨ ਦੀ ਸਮੁੱਚੀ ਪ੍ਰਕਿਰਿਆ ਜਨਰਲ ਅਬਜ਼ਰਵਰ ਡੀ.ਵੀ. ਸਵਾਮੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਨੇਪਰੇ ਚਾੜ੍ਹੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਚੋਣ ਅਮਲੇ ਦੀ ਤਾਇਨਾਤੀ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ ਅਤੇ ਹਰੇਕ ਪੋਲਿੰਗ ਬੂਥ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਪੋਲਿੰਗ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਲਈ ਕੁੱਲ 9865 ਮੁਲਾਜ਼ਮਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਪੋਲਿੰਗ ਅਫ਼ਸਰ (ਪੀ.ਓ.) ਵਜੋਂ ਤਾਇਨਾਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਛਾਣ ਕੀਤੀਆਂ ਵਲਨਰੇਬਲ ਪੋਲਿੰਗ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਾਂ ਦੀ ਤਾਇਨਾਤੀ ਲਈ ਵੀ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 252 ਵਲਨਰੇਬਲ ਪੋਲਿੰਗ ਲੋਕੇਸ਼ਨਾਂ ’ਤੇ 302 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜੋ ਕਿ ਸ਼ਾਂਤੀਮਈ ਵੋਟਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਪੋਲ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਚੋਣ (Jalandhar by-election) ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਮੁਲਾਜ਼ਮਾਂ ਨੂੰ ਸੌਂਪੀ ਗਈ ਹੈ, ਜੋ ਕਿ ਇਸ ਵਿਆਪਕ ਕਾਰਜ ਵਿੱਚ ਸ਼ਾਮਲ ਹਰੇਕ ਵਿਅਕਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਵੀ ਮੌਜੂਦ ਸਨ।