ਚੰਡੀਗੜ੍ਹ/ਜਲੰਧਰ, 21 ਮਾਰਚ 2025: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਗਰ ਨਿਗਮ ਜਲੰਧਰ ਨੇ ਕਮਿਸ਼ਨਰੇਟ ਪੁਲਿਸ ਨੇ ਸ਼ੁੱਕਰਵਾਰ ਨੂੰ ਕਥਿਤ ਤਿੰਨ ਨਸ਼ਾ ਤਸਕਰਾਂ ਦੀ ਦੋ ਮੰਜ਼ਿਲਾ ਜਾਇਦਾਦ ਢਾਹ ਦਿੱਤੀ, ਜੋ ਕਿ ਕਬਜ਼ੇ ਚੱਲਦਿਆਂ ਬਣਾਈ ਜਾ ਰਹੀ ਸੀ। ਪੁਲਿਸ ਨੇ ਇਹ ਕਾਰਵਾਈ ਭਾਰਗਵ ਕੈਂਪ ਇਲਾਕੇ ‘ਚ ਕੀਤੀ ਹੈ |
ਇਸ ਕਾਰਵਾਈ ਬਾਰੇ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਬਦਨਾਮ ਨਸ਼ਾ ਤਸਕਰ ਵਰਿੰਦਰ ਉਰਫ਼ ਮੌਲਾ ਦੇ ਤਿੰਨ ਭਰਾਵਾਂ, ਜਤਿੰਦਰ ਉਰਫ਼ ਜਿੰਦਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਵੱਲੋਂ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਉਸਾਰੀਆਂ ਕੀਤੇ ਜਾਣ ਦੀ ਸੂਚਨਾ ਮਿਲੀ ਸੀ। ਇਹ ਤਿੰਨੋਂ ਭਰਾ ਇਸ ਸਮੇਂ ਜੇਲ੍ਹ ‘ਚ ਹਨ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਪ੍ਰਾਪਤ ਕੀਤੀ ਕਮਾਈ ਤੋਂ ਪ੍ਰਾਪਤ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਤੇ ਪੁਲਿਸ ਟੀਮਾਂ ਤੁਰੰਤ ਹਰਕਤ ‘ਚ ਆਈਆਂ ਅਤੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ‘ਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ, ਆਬਕਾਰੀ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੁੱਲ 15 ਮਾਮਲੇ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਖਤਮ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਵਿਰੁੱਧ 7 ਮਾਮਲੇ ਦਰਜ ਹਨ, ਜਦੋਂ ਕਿ ਰੋਹਿਤ ਅਤੇ ਜਤਿੰਦਰ ਵਿਰੁੱਧ ਕ੍ਰਮਵਾਰ 6 ਅਤੇ 2 ਮਾਮਲੇ ਦਰਜ ਹਨ।
ਇਹ ਧਿਆਨ ਦੇਣ ਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ‘ਚ ਫਿਲੌਰ ਖੇਤਰ ਅਤੇ ਧੰਕੀਆ ਮੁਹੱਲਾ ‘ਚ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਢਾਂਚਿਆਂ ਨੂੰ ਢਾਹੁਣ ਸਮੇਤ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ।
Read More: ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ ‘ਤੇ ਚੱਲਿਆ ਪੀਲਾ ਪੰਜਾ