ਜਲੰਧਰ 8 ਸਤੰਬਰ 2024 : ਜਲੰਧਰ ‘ਚ ਫੰਗਲ ਇਨਫੈਕਸ਼ਨ ਦੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਬਰਸਾਤ ਕਾਰਨ ਸ਼ਹਿਰ ਦੀਆਂ ਗਲੀਆਂ ਵਿੱਚ ਪਾਣੀ ਭਰ ਜਾਣ ਕਾਰਨ ਲੋਕ ਚਮੜੀ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਅਤੇ ਪਿਛਲੇ 3 ਮਹੀਨਿਆਂ ਵਿੱਚ ਫੰਗਲ ਇਨਫੈਕਸ਼ਨ ਦੇ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦੇ ਚਮੜੀ ਰੋਗ ਮਾਹਿਰ ਨੇ ਦੱਸਿਆ ਕਿ ਰੋਜ਼ਾਨਾ 70 ਦੇ ਕਰੀਬ ਫੰਗਲ ਇਨਫੈਕਸ਼ਨ ਦੇ ਮਰੀਜ਼ ਓਪੀਡੀ(OPD) ਵਿੱਚ ਆ ਰਹੇ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਜਲੰਧਰ ਦੇ ਕਈ ਇਲਾਕਿਆਂ ‘ਚ ਨਿਕਾਸੀ ਪ੍ਰਬੰਧ ਨਾ ਹੋਣ ਕਾਰਨ ਸੀਵਰੇਜ ਦਾ ਪਾਣੀ ਸੜਕਾਂ ‘ਤੇ ਜਮ੍ਹਾ ਰਹਿੰਦਾ ਹੈ। ਇਸ ਕਾਰਨ ਮੀਂਹ ਤੋਂ ਬਾਅਦ ਕਈ ਘੰਟੇ ਸੜਕਾਂ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ। ਇਸ ਪਾਣੀ ਕਾਰਨ ਲੋਕਾਂ ਨੂੰ ਫੰਗਲ ਇਨਫੈਕਸ਼ਨ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿੱਚ ਤਬਦੀਲੀ ਕਾਰਨ ਬੁਖਾਰ ਅਤੇ ਵਾਇਰਲ ਬੁਖਾਰ ਆਦਿ ਦੇ ਮਰੀਜ਼ ਵੀ ਸਾਹਮਣੇ ਆ ਰਹੇ ਹਨ।