ਚੰਡੀਗੜ੍ਹ, 20 ਅਪ੍ਰੈਲ 2023: ਜੰਮੂ-ਕਸ਼ਮੀਰ (Jammu Kashmir) ਦੇ ਪੁੰਛ ‘ਚ ਵੀਰਵਾਰ ਨੂੰ ਅੱਤਵਾਦੀ ਹਮਲੇ ‘ਚ ਪੰਜ ਜਵਾਨਾਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲੀ ਖੇਤਰ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸਨਿਫਰ ਕੁੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਰਾਜੌਰੀ ਅਤੇ ਪੁੰਛ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੰਟਰੋਲ ਰੇਖਾ ‘ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲੇ ਤੋਂ ਬਾਅਦ ਭਿੰਬਰ ਗਲੀ-ਪੁੰਛ ਸੜਕ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਮੇਂਢਰ ਰਾਹੀਂ ਪੁੰਛਜਾਣ ਦੀ ਸਲਾਹ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦੇ ਹਿੱਸੇ ਵਜੋਂ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਘਟਨਾ ਸਥਾਨ ਦਾ ਦੌਰਾ ਕਰੇਗੀ। ਫੌਜ ਨੇ ਦੱਸਿਆ ਕਿ ਵੀਰਵਾਰ ਨੂੰ ਪੁੰਛ ‘ਚ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਦੇ ਵਾਹਨ ਨੂੰ ਅੱਗ ਲੱਗਣ ਕਾਰਨ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇਕ ਹੋਰ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।