ਚੰਡੀਗੜ੍ਹ, 21 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਵਿਚ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ 28 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 11 ਵਜੇ ਪੇਸ਼ ਹੋਣ ਲੈ ਕਿਹਾ ਹੈ।
ਇਸ ਸੰਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਭਗਵੰਤ ਮਾਨ ਸਿੱਖ ਮਰਿਆਦਾ ਤੋਂ ਭਲੀ ਭਾਂਤ ਜਾਣੂ ਹਨ, ਪਰ ਗੁਰਬਾਣੀ ਦੇ ਪ੍ਰਸਾਰਣ ਸੰਬੰਧੀ ਉਨ੍ਹਾਂ ਨੇ ਸਿੱਖਾਂ ਦੇ ਮਾਮਲਿਆਂ ਵਿਚ ਸਿੱਧੇ ਤੌਰ ‘ਤੇ ਦਖ਼ਲਅੰਦਾਜ਼ੀ ਕੀਤੀ ਹੈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 28 ਜੂਨ ਨੂੰ ਸਵੇਰੇ 11:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋ ਕੇ ਇਸ ਮਾਮਲੇ ਸੰਬੰਧੀ ਆਪਣਾ ਸਪੱਸ਼ਟੀਕਰਨ ਦੇਣ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਾ ਆਉਣਾ ਵੀ ਸਿੱਖ ਮਾਰਗ ਦੀ ਉਲੰਘਣਾ ਸਮਝਿਆ ਜਾਵੇਗਾ। ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਵੱਖਰੇ ਚੈਨਲ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ |