Jathedar Giani Raghbir Singh

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਗਾਈ ਰੋਕ

ਅੰਮ੍ਰਿਤਸਰ, 26 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 14 ਅਗਸਤ 2023 ਨੂੰ ਗੁਰਦੁਆਰਾ ਪਾਤਸ਼ਾਹੀ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਕੀਤਾ ਗਿਆ।

ਜਿਸ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਬਹੁਤਾਤ ਸਿੱਖ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਆਦਿ ਮੈਂਬਰਾਂ ਵੱਲੋਂ ਲਿਖਤੀ ਅਤੇ ਹੋਰਨਾਂ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਇਸ ਸਬੰਧੀ ਦਰਖਾਸਤਾਂ ਦਿੱਤੀਆਂ ਹਨ।

ਜਥੇਦਾਰ (Jathedar Giani Raghbir Singh) ਨੇ ਇਸ ਸਾਰੇ ਮਸਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਜਦ ਤੀਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ ਤੱਦ ਤੀਕ ਰੂਟੀਨ ਦੇ ਕੰਮ-ਕਾਜ ਨੂੰ ਛੱਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ ਲਗਾਈ ਜਾਂਦੀ ਹੈ ਅਤੇ ਨਾਲ ਹੀ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਮੈਂਬਰ ਅਖਬਾਰ ਅਤੇ ਸ਼ੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਉਪਰ ਦੂਸ਼ਨਬਾਜੀ ਨਾ ਕਰੇ।

ਜਥੇਦਾਰ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗੱਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Scroll to Top