Site icon TheUnmute.com

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਗੰਭੀਰ ਨੋਟਿਸ, ਦਿੱਤੀ ਸਖ਼ਤ ਚਿਤਾਵਨੀ

Raja Warring

ਅੰਮ੍ਰਿਤਸਰ, 24 ਅਕਤੂਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲਿਆ ਹੈ | ਇਸਦੇ ਨਾਲ ਹੀ ਰਾਜਾ ਵੜਿੰਗ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਜਾਰੀ ਲਿਖਤੀ ਬਿਆਨ ‘ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਦੇ ਨਾਲ ਵੀ ਇੱਥੇ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ‘ਚ ਕੀਤੀ ਬਿਆਨਬਾਜ਼ੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

ਜਥੇਦਾਰ ਸਾਹਿਬ ਨੇ ਕਿਹਾ ਕਿ ਰਾਜਾ ਵੜਿੰਗ (Raja Warring) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਅੰਦਰ ‘ਚ ਝਾਤੀ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹਨ, ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਸੀ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਸ਼ਬਦਾਂ ‘ਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮੁਆਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

Exit mobile version