ਚੰਡੀਗੜ੍ਹ, 03 ਜਨਵਰੀ 2025: Job Cards: ਪੰਜਾਬ ਦੇ ਕੈਬਿਨਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ਹੈ |
ਬੀਤੇ ਦਿਨ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਚਾਇਤੀ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਏ.ਡੀ.ਸੀਜ਼, ਡੀ.ਡੀ.ਪੀ.ਓਜ਼, ਬੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਹਿਲੇ ਪੜਾਅ ‘ਚ ਹਰ ਵਿਧਾਨ ਸਭਾ ਹਲਕੇ ਅਧੀਨ ਅਜਿਹੇ 25 ਫੀਸਦੀ ਪਿੰਡਾਂ ਦੀ ਸੂਚੀ ਜਨਤਕ ਨੁਮਾਇੰਦਿਆਂ ਤੋਂ ਲੈਣ ਤਾਂ ਜਿੱਥੇ ਟੋਭਿਆਂ ਦੀ ਛੇਤੀ ਸਫਾਈ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਟੋਭਿਆਂ ਦੀ ਸਫ਼ਾਈ ਕਰਵਾਈ ਜਾਵੇ।
ਤਰੁਨਪ੍ਰੀਤ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਕੇ ਸੁਨਹਿਰੀ ਯੁੱਗ ਲਿਆਂਦਾ ਜਾਵੇ ਅਤੇ ਇਸ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਪਿੰਡ ਵਾਸੀ ਆਪਣੇ ਇਲਾਕੇ ਦਾ ਵੱਧ ਤੋਂ ਵੱਧ ਵਿਕਾਸ ਅਤੇ ਤਰੱਕੀ ਕਰ ਸਕਣ।
ਇਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸੌਂਦ ਨੇ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇਹ ਕੈਂਪ ਲਗਾਉਣ ਤੋਂ ਪਹਿਲਾਂ ਹਰ ਪਿੰਡ ਦੇ ਧਾਰਮਿਕ ਸਥਾਨਾਂ ਤੋਂ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਤਹਿਤ 11 ਲੱਖ ਤੋਂ ਵੱਧ ਜੌਬ ਕਾਰਡ ਕਾਰਜਸ਼ੀਲ ਹਨ। ਵਿੱਤੀ ਸਾਲ 2024-25 ਦੌਰਾਨ ਲਗਭਗ 1000 ਕਰੋੜ ਰੁਪਏ ਖਰਚ ਕਰਕੇ ਹੁਣ ਤੱਕ 2.15 ਕਰੋੜ ਤੋਂ ਵੱਧ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਹਨ ਅਤੇ ਔਸਤਨ 7 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ।
ਇਸ ਤੋਂ ਇਲਾਵਾ ਤਰੁਨਪ੍ਰੀਤ ਸਿੰਘ ਸੌਂਦ ਨੇ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ’ਤੇ ਦੇਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਇਸ ਤੋਂ ਹੋਣ ਵਾਲੀ ਆਮਦਨ ਪਿੰਡਾਂ ਦੇ ਵਿਕਾਸ ’ਤੇ ਖਰਚ ਕੀਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਤੱਕ 12800 ਏਕੜ ਤੋਂ ਵੱਧ ਪੰਚਾਇਤੀ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ, ਜਿਸ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਹੈ।
ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 6000 ਏਕੜ ਕਬਜ਼ੇ ਮੁਕਤ ਜ਼ਮੀਨ ਨੂੰ ਠੇਕੇ ‘ਤੇ ਦੇਣ ਤੋਂ ਬਾਅਦ ਵਿੱਤੀ ਸਾਲ 2024-25 ਦੌਰਾਨ 10.76 ਕਰੋੜ ਰੁਪਏ ਦੀ ਸਾਲਾਨਾ ਆਮਦਨ ਹੋਈ ਹੈ। ਕੈਬਿਨਟ ਮੰਤਰੀ ਨੇ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ਵੀ ਪਾਰਦਰਸ਼ੀ ਢੰਗ ਨਾਲ ਠੇਕੇ ’ਤੇ ਦਿੱਤੀ ਜਾਵੇ।
ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਲੋਕ ਸੇਵਾ ਮੁਸਤੈਦੀ ਅਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਚੱਲ ਰਹੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਹੈ । ਉਨ੍ਹਾਂ ਕਿਹਾ ਕਿ ਸਾਰੇ ਟੀਚੇ 31 ਮਾਰਚ, 2025 ਤੱਕ ਪੂਰੇ ਕੀਤੇ ਜਾਣ ਤਾਂ ਜੋ ਅਗਲੇ ਵਿੱਤੀ ਸਾਲ ਦੌਰਾਨ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਪਿੰਡਾਂ ‘ਚ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ 95 ਲੱਖ ਤੋਂ ਵੱਧ ਬੂਟੇ ਲਗਾਏ ਹਨ।
ਇਸ ਤੋਂ ਇਲਾਵਾ ਮੰਤਰੀ ਨੇ ਪਿੰਡਾਂ ‘ਚ ਖੇਡ ਮੈਦਾਨ ਬਣਾਉਣ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਅਧੀਨ ਚੱਲ ਰਹੇ ਕੰਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੇਤਰੀ ਅਧਿਕਾਰੀਆਂ ਨੂੰ ਪਿੰਡਾਂ ਦੀ ਸਜਾਵਟ ਅਤੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ।
Read More: ਵੱਖ-ਵੱਖ ਰੂਟਾਂ ‘ਤੇ ਚੱਲ ਰਹੀਆਂ ਨਜਾਇਜ਼ ਬੱਸਾਂ ਹੋਣਗੀਆਂ ਜ਼ਬਤ, ਲਾਲਜੀਤ ਸਿੰਘ ਭੁੱਲਰ ਵੱਲੋਂ ਹੁਕਮ ਜਾਰੀ