ਭਗਵੰਤ ਮਾਨ

ਭਾਜਪਾ ‘ਚ ਸ਼ਾਮਲ ਹੋਣ ਨਾਲ ਸੁਰੱਖਿਆ ਨਹੀਂ ਮਿਲਦੀ, ਗਲਤ ਕੰਮ ਕੀਤਾ ਹੈ ਤਾਂ ਕੇਸ ਦਰਜ ਹੋਵੇਗਾ: CM ਭਗਵੰਤ ਮਾਨ

ਨਵੀਂ ਦਿੱਲੀ/ਪੰਜਾਬ, 5 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ਨੇ ਦਲ-ਬਦਲੀ ਕਰਨ ਵਾਲੇ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੀ ਇਕਜੁੱਟਤਾ ਦਿਖਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ | ਇਸ ਪੱਤਰ ‘ਚ ਕਿਹਾ ਗਿਆ ਕਿ ਪੰਜਾਬ ‘ਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ‘ਚ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤ ਸੰਸਦ ਮੈਂਬਰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਹੈ | ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਨਾ ਤਾਂ ਕੇਂਦਰੀ ਏਜੰਸੀਆਂ ਅਤੇ ਨਾ ਹੀ ਸਿਆਸੀ ਤਾਕਤ ਗਲਤ ਕੰਮਾਂ ਨੂੰ ਨਹੀਂ ਬਚਾਏਗੀ। ਉਨ੍ਹਾਂ ਕਿਹਾ ‘ਅਪਰੇਸ਼ਨ ਲੋਟਸ’ ਵਰਗੀਆਂ ਕੋਸ਼ਿਸ਼ਾਂ ਕਦੇ ਵੀ ਪੰਜਾਬ ‘ਚ ਸਫ਼ਲ ਨਹੀਂ ਹੋਣਗੀਆਂ |

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਿੱਲੀ ‘ਚ ਰਾਸ਼ਟਰਪਤੀ ਦੇ ਸਾਹਮਣੇ ਅਸੀਂ ਦੇਸ਼ ‘ਚ ਹੋ ਰਹੇ ‘ਲੋਕਤੰਤਰ ਦੇ ਕਤਲ` ਵਿਰੁੱਧ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਗੈਰ-ਸੰਵਿਧਾਨਕ ਤੌਰ `ਤੇ ਤੋੜਨਾ ਅਤੇ ਭਾਜਪਾ ਦੀ ‘ਵਾਸ਼ਿੰਗ ਮਸ਼ੀਨ` ‘ਚ ਦਾਗੀ ਆਗੂਆਂ ਨੂੰ ਸਾਫ਼ ਕਰਨ ਲਈ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਾਡੇ ਲੋਕਤੰਤਰੀ ਢਾਂਚੇ `ਤੇ ਸਿੱਧਾ ਹਮਲਾ ਹੈ।”

ਉਨ੍ਹਾਂ ਕਿਹਾ ਕਿ ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੇ ਫਤਵੇ ਦੀ ਰਾਖੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਬਰਕਰਾਰ ਰੱਖਣ ਲਈ ਆਪਣੇ ਆਖਰੀ ਸਾਹ ਤੱਕ ਲੜਾਂਗੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਸਭਾ ਦੇ 7 ਮੈਂਬਰਾਂ ਦੀ ਦਲ-ਬਦਲੀ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਇਹ ਗੈਰ-ਸੰਵਿਧਾਨਕ ਹੈ ਕਿਉਂਕਿ ਜਾਂ ਤਾਂ ਪੂਰੀ ਪਾਰਟੀ ਨੂੰ ਮਤਾ ਪਾਸ ਕਰਨਾ ਚਾਹੀਦਾ ਸੀ, ਪਰ ਇਨ੍ਹਾਂ ਸੱਤ ਸੰਸਦ ਮੈਂਬਰਾਂ ਨੇ ਗੈਰ-ਸੰਵਿਧਾਨਕ ਢੰਗ ਨਾਲ ਆਪਣੀ ਵਫ਼ਾਦਾਰੀ ਬਦਲ ਲਈ, ਜਿਸ ਨਾਲ ਲੋਕਤੰਤਰ ਦਾ ਮਜ਼ਾਕ ਉਡਾਇਆ। ਇਨ੍ਹਾਂ ਸੰਸਦ ਮੈਂਬਰਾਂ ਨੂੰ ਉਸ ਨਵੀਂ ਪਾਰਟੀ ‘ਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ |

ਸਿਸਟਮ ‘ਚ ਸੁਧਾਰ ਦੀ ਮੰਗ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸੰਵਿਧਾਨ ‘ਚ ਸੋਧ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਸਦ ਮੈਂਬਰ ਨੂੰ ਵਾਪਸ ਬੁਲਾਉਣ ਦੀ ਵਿਵਸਥਾ ਕੀਤੀ ਜਾ ਸਕੇ | ਉਨ੍ਹਾਂ ਨੇ ਕਿਹਾ, “ਭਾਜਪਾ ‘ਚ ਸ਼ਾਮਲ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਇਨ੍ਹਾਂ ਆਗੂਆਂ ਨੂੰ ਮਾੜੇ ਕੰਮਾਂ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਭਾਵੇਂ ਉਨ੍ਹਾਂ ਦੇ ਪਾਪਾਂ ਬਾਰੇ ਬਾਅਦ ‘ਚ ਰਿਪੋਰਟਾਂ ਆਉਣ ਪਰ ਭਵਿੱਖ ‘ਚ ਵੀ ਉਨ੍ਹਾਂ ਵਿਰੁੱਧ ਕਾਰਵਾਈ ਹੋਵੇਗੀ।”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਭਾਜਪਾ ਦੀ ਢਾਲ ਉਨ੍ਹਾਂ ਨੂੰ ਹੋਰ ਸੂਬਿਆਂ ‘ਚ ਕਾਨੂੰਨ ਤੋਂ ਤਾਂ ਬਚਾਅ ਸਕਦੀ ਹੈ ਪਰ ਪੰਜਾਬ ‘ਚ ਨਹੀਂ। ਇਨ੍ਹਾਂ ਆਗੂਆਂ ਨੂੰ ਪੰਜਾਬੀਆਂ ਨੂੰ ਧਮਕਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ ਕਿਉਂਕਿ ਪੰਜਾਬੀ ਉਨ੍ਹਾਂ ਨੂੰ ਆਪਣੀ ਅਸਲ ਸਥਿਤੀ ਦਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਨੁਮਾਇੰਦਿਆਂ ਦੁਆਰਾ ਚੁਣੇ ਗਏ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਸਦਨ ‘ਚੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ “ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਇਹ ਵਿਡੰਬਨਾ ਹੈ ਕਿ ਉਸੇ ਅਸ਼ੋਕ ਮਿੱਤਲ ਨੂੰ ਭਾਜਪਾ ਨੇ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ, ਜਿਸ ਦੇ ਟਿਕਾਣਿਆਂ `ਤੇ ਕੁਝ ਦਿਨ ਪਹਿਲਾਂ ਈ.ਡੀ. ਨੇ ਛਾਪੇ ਮਾਰੇ ਸਨ।”

ਮੁੱਖ ਮੰਤਰੀ ਨੇ ਕਿਹਾ ਕਿ ਰਾਘਵ ਚੱਢਾ ਨੂੰ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ।” ਉਨ੍ਹਾਂ ਇਹ ਵੀ ਕਿਹਾ, “ਮੈਂ ਸੰਕਟ ਦੀ ਇਸ ਘੜੀ ‘ਚ ਪਾਰਟੀ ਨਾਲ ਇਕਜੁੱਟਤਾ ਦਿਖਾਉਣ ਲਈ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਇਸ ਸ਼ਕਤੀ ਪ੍ਰਦਰਸ਼ਨ ਲਈ ਨਿੱਜੀ ਤੌਰ `ਤੇ ਇਨ੍ਹਾਂ ਵਿਧਾਇਕਾਂ ਦਾ ਰਿਣੀ ਹਾਂ।”

ਭਾਜਪਾ ਦੀ ਪੰਜਾਬ ਪ੍ਰਤੀ ਪਹੁੰਚ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਕਦੇ ਵੀ ਪੰਜ ਦਰਿਆਵਾਂ ਦੀ ਇਸ ਧਰਤੀ ਤੋਂ ਜਿੱਤਣ ਦਾ ਸੁਪਨਾ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਹ ਇਸ ਨੂੰ ਸਬਕ ਜ਼ਰੂਰ ਸਿਖਾਉਣਗੇ।” ਉਨ੍ਹਾਂ ਨੇ ਕਿਹਾ, “ਭਾਵੇਂ ਭਾਜਪਾ ਕੁੱਝ ਸੂਬਿਆਂ ‘ਚ ਮਿਲੀ ਜਿੱਤ ਤੋਂ ਉਤਸ਼ਾਹਿਤ ਹੈ, ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਇਸ ਦੇ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲੇ ਸਲੂਕ ਦੀ ਕਹਾਣੀ ਬਹੁਤ ਲੰਬੀ ਹੈ।” ਉਨ੍ਹਾਂ ਕਿਹਾ, “ਭਾਜਪਾ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਝਾਕੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹੋਰ ਹਰੇਕ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਖ਼ਤਰੇ ‘ਚ ਪਾਉਣ ਲਈ ਸੂਬੇ ਦੇ ਜਾਇਜ਼ ਫੰਡ ਰੋਕ ਦਿੱਤੇ ਹਨ।

Read More: CM ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਕੋਲ ਬਾਗ਼ੀ ਸੰਸਦ ਮੈਂਬਰਾਂ ਦੀ ਮਾਨਤਾ ਰੱਦ ਕਰਨ ਦੀ ਮੰਗ

ਵਿਦੇਸ਼

Scroll to Top