ਮੋਗਾ, 22 ਜੂਨ 2023: ਮੋਗਾ (Moga) ਦੇ ਬੱਧਨੀ ਕਲਾਂ ਵਿਖੇ ਦੇਰ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਹਮਲਾਵਰਾਂ ਨੇ ਖਿਡਾਰੀ ਦੀ ਮਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਇਸ ਘਟਨਾ ਵਿੱਚ ਕਥਿਤ ਤੌਰ ‘ਤੇ ਗੋਲੀਆਂ ਚੱਲਣ ਦੀ ਗੱਲ ਵੀ ਕਹੀ ਜਾ ਰਹੀ ਹੈ |
ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ ਅਤੇ ਇਸ ਹਮਲੇ ‘ਚ ਉਸ ਦੀ ਮਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਸਦੀ ਮਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਇਸ ਦੇ ਨਾਲ ਹੀ ਇਸ ਕਬੱਡੀ ਖਿਡਾਰੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐੱਸ.ਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕਬੱਡੀ ਖਿਡਾਰੀ ਕੁਲਿਵੰਦਰ ਸਿੰਘ ਕਿੰਦਾਂ ਅਤੇ ਉਸਦੀ ਮਾਤਾ ‘ਤੇ ਕੁੱਝ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਹੈ, ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਨੇ ਜਦੋਂ ਜਾਂਚ ਕੀਤੀ ਤਾਂ ਅਜਿਹਾ ਕੁੱਝ ਵੀ ਨਹੀਂ ਸੀ, ਪਰ ਤਿੱਖੇ ਹਥਿਆਰਾਂ ਨਾਲ ਉਸ ਦੀ ਮਾਤਾ ’ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਜੋ ਕਿ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਜ਼ੇਰੇ ਇਲਾਜ਼ ਹਨ। ਪੁਲਿਸ ਪਾਰਟੀ ਵਲੋਂ ਉਨ੍ਹਾਂ ਦੇ ਬਿਆਨ ਕਲਮ ਕਰਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਡੀ.ਐਸ.ਪੀ ਨੇ ਕਿਹਾ ਕਿ ਤਕਨੀਕੀ ਵਿਧੀ, ਸੀ.ਸੀ.ਟੀ.ਵੀ ਕੈਮਰੇ, ਅਤੇ ਚਸ਼ਮਦੀਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ।