ਜਲੰਧਰ, 3 ਫਰਵਰੀ 2024: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਸਰਦਾਰ ਪਰਮਜੀਤ ਸਿੰਘ ਸਰਨਾ, ਸਰਦਾਰ ਹਰਵਿੰਦਰ ਸਿੰਘ ਸਰਨਾ ਤੇ ਸਰਦਾਰ ਮਨਜੀਤ ਸਿੰਘ ਜੀ.ਕੇ. ਖਿਲਾਫ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਕਰ ਕੇ ਉਹਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਸਿੰਘ ਸਾਹਿਬ ਨੂੰ ਲਿਖੇ ਪੱਤਰ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸਿੱਖਾਂ ਦੀ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਚੁਣੀ ਹੋਈ ਧਾਰਮਿਕ ਜਥੇਬੰਦੀ ਹੈ, ਉਨ੍ਹਾਂ ਨੇ ਆਪ ਜੀ ਨੂੰ ਪਹਿਲਾਂ ਵੀ ਪੱਤ੍ਰਿਕਾ ਨੰ. 9406/2-6 ਮਿਤੀ 24-11-2023 ਰਾਹੀਂ ਸਨਿਮਰ ਬੇਨਤੀ ਕੀਤੀ ਸੀ ਕਿ ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੌਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਅਤੇ ਮਨਜੀਤ ਸਿੰਘ ਜੀ.ਕੇ. ਵਲੋਂ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਸ਼ਹੀਦੀ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਮਿਤੀ 18-11-2023 ਨੂੰ ਬੇਲੋੜਾ ਪ੍ਰਦਰਸ਼ਨ, ਨਾਅਰੇਬਾਜ਼ੀ ਅਤੇ ਹੁਲੜਬਾਜ਼ੀ ਕੀਤੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਅਤੇ ਦੂਜੇ ਪਲੇਟਫਾਰਮਾਂ ‘ਤੇ ਬਦਨਾਮ ਕਰਨ ਦੇ ਦੋਸ਼ ਵਿਚ ਇਨ੍ਹਾਂ ਦੇ ਖਿਲਾਫ ਯੋਗ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ ਪਰ 2 ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਹੁਣ ਤੱਕ ਸਾਡੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਹਨਾਂ ਸਿੰਘ ਸਾਹਿਬ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਤ੍ਰਿਕਾ ਨੰ. 73/2-6 ਮਿਤੀ 04-01-2023 ਰਾਹੀਂ ਜਿਸ ਵਿਚ ਸ੍ਰ. ਪਰਮਜੀਤ ਸਿੰਘ ਸਰਨਾ ਅਤੇ ਸ੍ਰ. ਹਰਵਿੰਦਰ ਸਿੰਘ ਸਰਨਾ ਜੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰ ਸ਼ਰਾਬ ਦੇ ਵੱਡੇ ਵਪਾਰੀ ਹਨ, ਦੀ ਸ਼ਿਕਾਇਤ ਸਬੂਤਾਂ ਸਹਿਤ ਕੀਤੀ ਗਈ ਸੀ ਪਰੰਤੂ ਬੜੇ ਦੁਖੀ ਹਿਰਦੇ ਨਾਲ ਕਹਿਣਾ ਪੈ ਰਿਹਾ ਹੈ ਕਿ 1 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਸਿੱਖਾਂ ਦੀ ਦੂਜੀ ਸਭ ਤੋਂ ਵੱਡੀ ਜਥੇਬੰਦੀ ਉਚਿਤ ਕਾਰਵਾਈ ਲਈ ਬਾਰ-ਬਾਰ ਬੇਨਤੀ ਕਰ ਰਹੀ ਹੈ।
ਉਹਨਾਂ ਅਪੀਲ ਕੀਤੀ ਕਿ ਕੀ ਅਸੀਂ ਇਨ੍ਹਾਂ ਵਿਰੁੱਧ ਕਾਰਵਾਈ ਨਾ ਕਰਕੇ ਪੰਥ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਗੁਰਦੁਆਰਾ ਕਮੇਟੀ ਦੇ ਮੈਂਬਰ ਦਾ ਨਸ਼ੇ ਦਾ ਕਾਰੋਬਾਰ ਕਰਨਾ ਜਾਇਜ਼ ਹੈ, ਗੁਰਦੁਆਰਾ ਸਾਹਿਬ ਦੇ ਅੰਦਰ ਹੁਲੜਬਾਜ਼ੀ ਅਤੇ ਨਾਅਰੇਬਾਜ਼ੀ ਕਰਨਾ ਜਾਇਜ਼ ਹੈ?
ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਪੰਥ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਦੂਸਰਿਆਂ ਲਈ ਮਿਸਾਲ ਕਾਇਮ ਕਰਨ ਲਈ ਆਪ ਜੀ ਇਨ੍ਹਾਂ ਵਿਰੁੱਧ ਜਲਦ ਤੋਂ ਜਲਦ ਯੋਗ ਕਾਰਵਾਈ ਕਰੋਗੇ।