ਕਪੂਰਥਲਾ, 21 ਜੂਨ 2025: ਕਪੂਰਥਲਾ ਦੀ ਕੇਂਦਰੀ ਜੇਲ੍ਹ (Kapurthala Central Jail) ‘ਚ ਬੰਦ 23 ਸਾਲਾ ਕੈਦੀ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਸੁਲਤਾਨਪੁਰ ਲੋਧੀ ਪਿੰਡ ਦਾ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਕ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ, ਜਦੋਂ ਗੁਰਵਿੰਦਰ ਦੀ ਸਿਹਤ ਅਚਾਨਕ ਵਿਗੜ ਗਈ।
ਜੇਲ੍ਹ ਪ੍ਰਸ਼ਾਸਨ (Kapurthala Central Jail) ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਤੁਰੰਤ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਪਹਿਲਾਂ ਉਸਦਾ ਇਲਾਜ ਸ਼ੁਰੂ ਕੀਤਾ, ਪਰ ਥੋੜ੍ਹੀ ਦੇਰ ਬਾਅਦ ਗੁਰਵਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪੂਰੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਾਕਟਰ ਅਸ਼ੀਸ਼ ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਦੀ ਨੂੰ ਸਵੇਰੇ ਲਗਭਗ 1.30 ਵਜੇ ਲਿਆਂਦਾ ਗਿਆ ਸੀ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Read More: ਪੰਜਾਬ ਦੀਆਂ ਜੇਲ੍ਹਾਂ ‘ਚ ਲੱਗਣਗੇ ਅਤਿ-ਆਧੁਨਿਕ AI ਅਧਾਰਤ ਕੈਮਰੇ: ਲਾਲਜੀਤ ਸਿੰਘ ਭੁੱਲਰ