July 2, 2024 6:49 pm
NCSC

ਕਟਾਰੂਚੱਕ ਜਿਨਸੀ ਸ਼ੋਸ਼ਣ ਮਾਮਲਾ: NCSC ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ

ਚੰਡੀਗੜ੍ਹ, 29 ਜੂਨ 2023: ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਤਲਬ ਕੀਤਾ ਹੈ |

ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ ਕਮਿਸ਼ਨ ਅਤੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਲਾਲ ਚੰਦ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ।