July 7, 2024 4:39 pm
Kejriwal

ਕੇਜਰੀਵਾਲ ਨੇ ਸਿੱਧੂ ਵੱਲੋਂ ਬਹਿਸ ਦੀ ਚੁਣੌਤੀ ਕੀਤੀ ਸਵੀਕਾਰ, ਕਿਹਾ ਸਥਾਨ ਅਤੇ ਸਮਾਂ ਕਰਨ ਤੈਅ

ਚੰਡੀਗੜ੍ਹ 20 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਅਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ।
ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਨਵਜੋਤ ਸਿੱਧੂ (Navjot Singh Sidhu) ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਨ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਕ ਅਤੇ ਵਿਕਾਸ ਦੇ ਮੁੱਦੇ ’ਤੇ ਹੋਵੇਗੀ। ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ’ਤੇ ਉਨ੍ਹਾਂ ਨਾਲ ਬਹਿਸ ਕਰਨਗੇ। ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ਼ ਬਹਾਨੇ ਬਣਾਏ।
ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟ ਕਰਦੇ ਹੋਏ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਇਹ ਘਟਨਾ ਕਿਸੇ ਸਾਜਿਸ਼ ਦਾ ਹਿੱਸਾ ਹੋ ਸਕਦੀ ਹੈ। ਕੁਝ ਗ਼ਲਤ ਤਾਕਤਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਇਸ ਘਟਨਾ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਪਿਛਲੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੀ ਹੁੰਦੀ ਤਾਂ ਕੋਈ ਵੀ ਵਿਅਕਤੀ ਮੁੜ ਅਜਿਹੀ ਵਾਰਦਾਤ ਕਰਨ ਦੀ ਹਿੰਮਤ ਨਾ ਕਰਦਾ।